- Updated: April 23, 2026 06:55 PM
ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ 'ਚ ਬੁੱਧਵਾਰ ਦੇਰ ਰਾਤ ਇਕ ਛੋਟੇ ਜਿਹੇ ਝਗੜੇ ਨੇ ਭਿਆਨਕ ਰੂਪ ਲੈ ਗਿਆ। ਗੁਆਂਢੀਆਂ ਵਿਚਾਲੇ ਹੋਈ ਤਕਰਾਰ ਦੌਰਾਨ 26 ਸਾਲਾ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਮ੍ਰਿਤਕ ਦੇ ਪਰਿਵਾਰ 'ਚ ਭਾਰੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ (26) ਪੁੱਤਰ ਬਿੱਲੂ ਸਿੰਘ ਵਜੋਂ ਹੋਈ ਹੈ, ਜੋ ਅਨੂਸੁਚਿਤ ਜਾਤੀ ਦੇ ਭਾਈਚਾਰੇ ਨਾਲ ਸੰਬੰਧਤ ਸੀ। ਜਾਣਕਾਰੀ ਮੁਤਾਬਕ ਹਰਜੀਤ ਦਾ ਆਪਣੇ ਗੁਆਂਢ ਵਿੱਚ ਰਹਿੰਦੇ ਕੁਝ ਲੋਕਾਂ ਨਾਲ ਕਿਸੇ ਛੋਟੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਵੇਖਦੇ ਹੀ ਵੇਖਦੇ ਇਹ ਤਕਰਾਰ ਹਿੰਸਕ ਰੂਪ ਧਾਰ ਗਈ ਅਤੇ ਦੋਸ਼ੀਆਂ ਨੇ ਲੋਹੇ ਦੀਆਂ ਰਾਡਾਂ ਅਤੇ ਹੋਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ।
ਗੰਭੀਰ ਰੂਪ ਵਿੱਚ ਜ਼ਖ਼ਮੀ ਹਰਜੀਤ ਨੂੰ ਤੁਰੰਤ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਪੁਲਸ ਨੇ ਦੋ ਸੱਗੇ ਭਰਾਵਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਵਾਰਦਾਤ ਤੋਂ ਬਾਅਦ ਦੋਵੇਂ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਛੋਟੀ ਗੱਲ ਨੂੰ ਲੈ ਕੇ ਉਨ੍ਹਾਂ ਦੇ ਪੁੱਤਰ ਦੀ ਜਾਨ ਲੈ ਲਈ ਗਈ, ਜੋ ਬਹੁਤ ਹੀ ਦੁੱਖ਼ਦਾਈ ਅਤੇ ਨਿੰਦਣਯੋਗ ਹੈ। ਇਸ ਸਬੰਧ 'ਚ ਡੀ. ਐੱਸ. ਪੀ. ਤਲਵੰਡੀ ਸਾਬੋ ਜਸਜੋਤ ਸਿੰਘ ਨੇ ਦੱਸਿਆ ਕਿ ਪੁਲਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿੱਚ ਅਮਨ ਕਾਇਮ ਰੱਖਣ ਲਈ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫ਼ਵਾਹਾਂ ਤੋਂ ਬਚਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ 'ਚ ਸਹਿਯੋਗ ਦੇਣ।