ਪਠਾਨਕੋਟ ਵਿੱਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕਤਲ।

ਪਠਾਨਕੋਟ ਵਿੱਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕਤਲ।

ਪਠਾਨਕੋਟ ਵਿਖੇ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਰਾਣੀ ਰੰਜਿਸ਼ ਦੇ ਚਲਦੇ ਵਿਧਾਨ ਸਭਾ ਹਲਕਾ ਭੋਆ ਅਧੀਨ ਪੈਂਦੇ ਨਰੋਟ ਜੈਮਲ ਸਿੰਘ ਇਲਾਕੇ ਵਿੱਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਦਕਿ ਇਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਮੁਤਾਬਕ ਦੋ ਨੌਜਵਾਨ ਮੋਟਰਸਾਈਕਲ ’ਤੇ ਕਰੈਸ਼ਰ ਵੱਲ ਜਾ ਰਹੇ ਸਨ ਕਿ ਰਸਤੇ ਵਿੱਚ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਚਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਦੋਸ਼ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਦੋਵਾਂ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਹਮਲੇ ਵਿੱਚ ਸ਼ਾਮਲ ਇਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ। ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਇਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।