ਅਕਾਲੀ ਦਲ ’ਚ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ

ਅਕਾਲੀ ਦਲ ’ਚ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਬੇਗੋਵਾਲ ਵਿਖੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਅਤੇ ਯੁਵਰਾਜ ਭੁਪਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਮੁਲਾਕਾਤ ਮਗਰੋਂ ਚਰਚਾਵਾਂ ਨੇ ਫਿਰ ਜ਼ੋਰ ਫੜ ਲਿਆ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰ ਸਕਦੇ ਹਨ।  ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸਰਦਾਰ ਜਗਜੀਤ ਸਿੰਘ ਦਾ ਦਿਹਾਂਤ ਹੋ ਗਿਆ ਸੀ। ਇਸ ਦੁੱਖ਼ਦਾਈ ਘਟਨਾ ਕਾਰਨ ਪਰਿਵਾਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੁੱਖ਼ ਦੀ ਘੜੀ 'ਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਦੁੱਖ਼ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। 

ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਅਰਸੇ ਤੋਂ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਬੰਧ ਸੁਖਾਵੇਂ ਨਹੀਂ ਸਨ। ਕਿਉਂਕਿ ਬੀਬੀ ਜਗੀਰ ਕੌਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਹਮੋ-ਸਾਹਮਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਉਮੀਦਵਾਰ ਸਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸਨ, ਜਦਕਿ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦਾ ਵਿਰੋਧ ਕਰਕੇ ਖ਼ੁਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜੀ ਸੀ।

ਫਿਲਹਾਲ ਪਿਛਲੇ ਸਮੇਂ ਤੋਂ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸੰਬੰਧ ਰੱਖਦੇ ਹਨ ਪਰ ਕੁਝ ਦਿਨਾਂ ਤੋਂ ਚਰਚਾ ਹੋ ਰਹੀ ਸੀ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ ਕਰ ਸਕਦੇ ਹਨ। ਜਿਸ ਦੀਆਂ ਚਰਚਾਵਾਂ 'ਚ ਸੱਚਾਈ ਨਜ਼ਰ ਆਉਣ ਲੱਗ ਗਈ ਹੈ, ਕਿਉਂਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।