ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਹੋਈ ਨਾਕਾਮ,  ਇਕ ਮੁਲਜ਼ਮ ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ

ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਹੋਈ ਨਾਕਾਮ,  ਇਕ ਮੁਲਜ਼ਮ ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਨਵਾਂਸ਼ਹਿਰ ਪੁਲਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਨੇ ਮਾਡਿਊਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 86-P ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ ਹੈ। ਪੁਲਸ ਮੁਤਾਬਕ ਇਸ ਕਾਰਵਾਈ ਨਾਲ ਸੂਬੇ ਵਿਚ ਸੰਭਾਵਿਤ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਸਮਾਂ ਰਹਿੰਦੇ ਨਾਕਾਮ ਕਰ ਦਿੱਤਾ ਗਿਆ ਹੈ। 

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼ਾਂ 'ਚ ਬੈਠੇ ਆਪਣੇ ਹੈਂਡਲਰਾਂ ਨਾਲ ਸਿੱਧੇ ਸੰਪਰਕ 'ਚ ਸੀ। ਉਹ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਪੰਜਾਬ 'ਚ ਇਕ ਵੱਡੇ ਹਮਲੇ ਦੀ ਯੋਜਨਾ ਬਣਾ ਰਿਹਾ ਸੀ। ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਮੁਲਜ਼ਮ ਨੇ ਆਦਮਪੁਰ, ਜਲੰਧਰ ਨੇੜੇ ਇਕ ਡੈੱਡ ਡ੍ਰੌਪ ਲੋਕੇਸ਼ਨ ਤੋਂ ਇਕ 86-P ਹੈਂਡ ਗ੍ਰਨੇਡ ਪ੍ਰਾਪਤ ਕੀਤਾ ਸੀ।

ਇਸ ਮਾਮਲੇ 'ਚ ਥਾਣਾ ਸਦਰ ਨਵਾਂਸ਼ਹਿਰ ਵਿਚ ਮੁਲਜ਼ਮ ਵਿਰੁੱਧ ਭਾਰਤੀ ਦੰਡਾਵਲੀ (ਆਈ. ਪੀ. ਸੀ.) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ 'ਤੇ ਲਵੇਗੀ।

                                                        Image

ਪੁਲਸ ਟੀਮਾਂ ਇਸ ਅੱਤਵਾਦੀ ਮਾਡਿਊਲ ਦੇ ਪਿੱਛੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਲਈ ਕੰਮ ਕਰ ਰਹੀਆਂ ਹਨ। ਜਾਂਚ ਦਾ ਮੁੱਖ ਉਦੇਸ਼ ਸਰਹੱਦ ਪਾਰ ਸਥਾਨਕ ਸੁਵਿਧਾ ਕਰਤਾਵਾਂ, ਫੰਡ ਦੇਣ ਵਾਲਿਆਂ ਅਤੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕਰਨਾ ਹੈ। ਪੁਲਸ ਇਹ ਵੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਨੂੰ ਕਿਸ ਮਕਸਦ ਜਾਂ ਜਨਤਕ ਸਥਾਨ 'ਤੇ ਹਮਲਾ ਕਰਨ ਲਈ ਵਰਤਿਆ ਜਾਣਾ ਸੀ।

ਪੰਜਾਬ ਪੁਲਸ ਦੇ ਡੀ. ਜੀ. ਪੀ. ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਸੂਬੇ 'ਚ ਅੱਤਵਾਦ, ਸਰਹੱਦ ਪਾਰ ਦੀਆਂ ਸਾਜ਼ਿਸ਼ਾਂ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਜਨਤਕ ਸੁਰੱਖਿਆ, ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੰਜਾਬ ਪੁਲਸ ਦੀ ਸਭ ਤੋਂ ਵੱਡੀ ਤਰਜੀਹ ਹੈ। ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।