ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ''ਚ ਹੋਇਆ ਵਾਧਾ,  ਅਗਲੀ ਸੁਣਵਾਈ ਮਾਰਚ ''ਚ ਹੋਵੇਗੀ

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ''ਚ ਹੋਇਆ ਵਾਧਾ,  ਅਗਲੀ ਸੁਣਵਾਈ ਮਾਰਚ ''ਚ ਹੋਵੇਗੀ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਵੀਰਵਾਰ ਸਵੇਰੇ ਰਾਊਜ਼ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਹਨਾਂ ਦੀ ਨਿਆਂਇਕ ਹਿਰਾਸਤ 12 ਮਾਰਚ ਤੱਕ ਵਧਾ ਦਿੱਤੀ ਹੈ। ਪੁਲਿਸ ਮਨੀਸ਼ ਸਿਸੋਦੀਆ ਨੂੰ ਜੇਲ੍ਹ ਤੋਂ ਰਾਊਜ਼ ਐਵੇਨਿਊ ਕੋਰਟ ਲੈ ਗਈ ਹੈ। 5 ਫਰਵਰੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਵਿਚ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਸੀ।

ਅਦਾਲਤ ਨੇ ਪਿਛਲੇ ਬੁੱਧਵਾਰ ਨੂੰ ਇਸ ਗੱਲ 'ਤੇ ਆਪਣਾ ਫ਼ੈਸਲਾ ਟਾਲ ਦਿੱਤਾ ਸੀ ਕਿ ਕੀ ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੁਆਰਾ ਦਾਇਰ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰ ਸਕਦੀ ਹੈ ਜਦੋਂ ਕਿ ਉਸ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ। ਸੁਪਰੀਮ ਕੋਰਟ ਨੇ 5 ਫਰਵਰੀ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਸੁਪਰੀਮ ਕੋਰਟ ਦੇ ਪਿਛਲੇ ਆਦੇਸ਼ ਦੇ ਖਿਲਾਫ਼ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ। ਸਿਸੋਦੀਆ ਇੱਕ ਸਾਲ ਤੋਂ ਜੇਲ੍ਹ ਵਿੱਚ ਹਨ। ਉਸ ਨੂੰ ਫਰਵਰੀ 2023 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।