- Updated: November 20, 2026 02:29 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੱਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ 'ਚ ਅਰਦਾਸ ਉਪਰੰਤ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਐਲਾਨਿਆ ਗਿਆ। ਪ੍ਰਧਾਨ ਧਾਮੀ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਦੌਰਾਨ 12 ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨਗੀ ਦਿੱਤੀ।
ਪੰਜਾਬ ਅੰਦਰ ਨਸ਼ਿਆਂ ਦਾ ਵਧ ਰਿਹਾ ਪ੍ਰਕੋਪ, ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 ਵਿਚਲੀਆਂ ਖਾਮੀਆਂ ਨੂੰ ਦੂਰ ਕਰਨਾ, ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ, ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਸਬੰਧੀ, ਗੁਰੂ ਨਗਰੀ 'ਚ ਵਧ ਰਹੇ ਹਵਾ, ਪਾਣੀ ਅਤੇ ਮਿੱਟੀ ਦੇ ਪ੍ਰਦੂਸ਼ਣ, ਸਫ਼ਾਈ ਦੀ ਮਾੜੀ ਵਿਵਸਥਾ ਅਤੇ ਟਰੈਫਿਕ ਦੀ ਗੰਭੀਰ ਸਮੱਸਿਆ ਲਈ, ਇਸ ਤੋਂ ਇਲਾਵਾ ਧਰਮ ਦੇ ਆਧਾਰ 'ਤੇ ਕਿਸੇ ਵੀ ਵਿਅਕਤੀ ਜਾਂ ਭਾਈਚਾਰੇ ਨਾਲ ਵਿਤਕਰਾ ਕਰਨ, ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਸਬੰਧੀ, ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਸਿੱਖਾਂ ਦੇ ਸੰਵਿਧਾਨਕ, ਇਤਿਹਾਸਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰਾਂ ਨੂੰ ਲਗਾਤਾਰ ਸੀਮਤ ਕਰਨ, ਪੰਜਾਬ ਦੇ ਨੌਜਵਾਨਾਂ 'ਚ ਵਿਦੇਸ਼ ਜਾਣ ਦੇ ਲਗਾਤਾਰ ਵਧ ਰਹੇ ਰੁਝਾਨ 'ਤੇ ਵੀ ਚਰਚਾ ਕੀਤੀ ਗਈ।
ਇਜਲਾਸ 'ਚ ਮਨੁੱਖੀ ਜੀਵਨ ਦੀ ਅਹਿਮੀਅਤ ਦੇ ਮੱਦੇਨਜ਼ਰ ਵਿਸ਼ਵ ਭਰ 'ਚ ਮੌਤ ਦੀ ਸਜ਼ਾ ਖ਼ਤਮ ਕਰਨ ਦੇ ਹੱਕ 'ਚ ਉੱਠ ਰਹੀ ਆਵਾਜ਼ ਨਾਲ ਸਹਿਮਤੀ ਪ੍ਰਗਟ ਕੀਤੀ ਗਈ ਅਤੇ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬੰਦ ਪਏ ਗੁਰਦੁਆਰਾ ਸਾਹਿਬਾਨ ਨੂੰ ਖੋਲ੍ਹਣ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ ਗਈ।