- Updated: July 01, 2024 09:03 PM
18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ 'ਚ ਪੰਜਾਬ ਦੇ ਲੋਕ ਸਭਾ ਹਲਕੇ ਸੰਗਰੂਰ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਆਪਣੇ ਭਾਸ਼ਣ ਦੀ ਸ਼ੁਰੂਆਤ ਸਰਦਾਰ ਵੱਲਭ ਭਾਈ ਪਟੇਲ ਦੇ ਵਾਅਦੇ ਤੋਂ ਕੀਤਾ ਕਿ ਜਦੋਂ ਉਹ ਪਹਿਲੀ ਵਾਰ ਹੁਸ਼ਿਆਰਪੁਰ ਆਏ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੇ ਹਨ ਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬ ਦੀਆਂ ਕੁਰਬਾਨੀਆਂ ਨੂੰ ਭੁੱਲਿਆ ਨਹੀਂ ਜਾ ਸਕਦਾ। ਜੋ ਜ਼ਖ਼ਮ ਪੰਜਾਬ ਨੇ ਹੰਢਾਏ ਹਨ, ਉਹ ਕੋਈ ਹੋਰ ਨਹੀਂ ਹੰਢਾ ਸਕਦਾ। ਇਸ ਲਈ ਉਨ੍ਹਾਂ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ ਤੇ ਇਨ੍ਹਾਂ ਜ਼ਖ਼ਮਾਂ ਨੂੰ ਭਰਨ ਲਈ ਹਰ ਸੰਭਵ ਮਦਦ ਕਰਨ ਦਾ ਵੀ ਵਾਅਦਾ ਕੀਤਾ ਸੀ।
ਮੀਤ ਨੇ ਅੱਗੇ ਕਿਹਾ ਕਿ ਅਫਸੋਸ, ਉਸ ਤੋਂ ਬਾਅਦ ਹੁਣ ਤੱਕ ਵੀ ਪੰਜਾਬ ਨੂੰ ਕਿਸੇ ਤਰ੍ਹਾਂ ਦਾ ਵੀ ਕੋਈ ਸਮਰਥਨ ਕੇਂਦਰ ਸਰਕਾਰ ਵੱਲੋਂ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਗਨੀਵੀਰ ਦਾ ਪਹਿਲਾ ਸ਼ਹੀਦ ਵੀ ਪੰਜਾਬ ਦਾ ਸੀ, ਭਾਰਤ ਦਾ ਖੇਡਾਂ 'ਚ ਨਾਂ ਚਮਕਾਉਣ ਵਾਲੇ ਖਿਡਾਰੀਆਂ 'ਚੋਂ ਵੀ ਪੰਜਾਬੀ ਸਭ ਤੋਂ ਅੱਗੇ ਹਨ। ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦੀਆਂ ਪਾਉਣ ਵਾਲਿਆਂ 'ਚ ਵੀ ਪੰਜਾਬੀ ਸਭ ਤੋਂ ਵੱਧ ਹਨ, ਤਾਂ ਆਖ਼ਿਰ ਕਿਉਂ ਪੰਜਾਬ ਨਾਲ ਮਤਰੇਆਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ ?
ਇਸ ਤੋਂ ਬਾਅਦ ਉਨ੍ਹਾਂ ਅਰਵਿੰਦ ਕੇਜਰੀਵਾਲ ਬਾਰੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬਿਨਾਂ ਕਿਸੇ ਸਬੂਤ ਦੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਜੇਲ੍ਹ 'ਚ ਡੱਕਿਆ ਹੋਇਆ ਹੈ। ਹਾਲੇ ਤੱਕ ਉਨ੍ਹਾਂ ਖ਼ਿਲਾਫ਼ ਕੋਈ ਵੀ ਸਬੂਤ ਨਹੀਂ ਮਿਲ ਸਕਿਆ ਹੈ। ਇਸ ਦੌਰਾਨ ਜਦੋਂ ਅਦਾਲਤ ਉਨ੍ਹਾਂ ਨੂੰ ਬਾਇੱਜ਼ਤ ਬਰੀ ਕਰੇਗੀ ਤੇ ਉਹ ਜੇਲ੍ਹ 'ਚੋਂ ਬਾਹਰ ਆਉਣਗੇ ਤਾਂ ਕੀ ਕੇਂਦਰ ਸਰਕਾਰ ਉਨ੍ਹਾਂ ਕੋਲੋਂ ਮੁਆਫ਼ੀ ਮੰਗੇਗੀ ?