- Updated: November 14, 2026 05:25 PM
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਈ ਵਿਧਾਇਕਾਂ ਨੂੰ ਟਿਕਟ ਨਾ ਮਿਲਣ ਕਰਕੇ ਵਿਧਾਇਕਾਂ ਦੀ ਨਾਰਾਜ਼ਗੀ ਹੁਣ ਖੁੱਲ੍ਹ ਕੇ ਬਾਹਰ ਆਉਣ ਲੱਗੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਚਰਨਜੀਤ ਸਿੰਘ ਨੇ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਟਿਕਟ ਨਾ ਦਿੱਤੇ ਜਾਣ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਇਸ ਸੀਟ ਤੋਂ ਚੋਣ ਲੜਨਗੇ। ਇਥੇ ਦੱਸ ਦੇਈਏ ਕਿ ਵੀਰਵਾਰ ਨੂੰ ਜਾਰੀ ਉਮੀਦਵਾਰਾਂ ਦੀ ਦੂਜੀ ਸੂਚੀ 'ਚ 'ਆਪ' ਨੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਗੜ੍ਹੀ ਨੂੰ ਅਗਸਤ 'ਚ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਲਈ 'ਆਪ' ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ।
'ਆਪ' ਆਗੂ ਚਰਨਜੀਤ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਚਰਨਜੀਤ ਸਿੰਘ ਚੰਨੀ ਨੂੰ 7,900 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ ਸੀ। ਇਸ ਵਾਰ ਟਿਕਟ ਨਾ ਮਿਲਣ 'ਤੇ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਈਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਆਪਣੇ ਹਲਕੇ ਦੇ ਲੋਕਾਂ ਲਈ ਕਈ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਹਨ। ਚੰਨੀ ਨੇ ਆਪਣੀ ਜਗ੍ਹਾ ਗੜ੍ਹੀ ਦੀ ਨਾਮਜ਼ਦਗੀ 'ਤੇ ਵੀ ਸਵਾਲ ਉਠਾਇਆ ਅਤੇ ਚਮਕੌਰ ਸਾਹਿਬ ਤੋਂ ਉਨ੍ਹਾਂ ਦੇ ਜਿੱਤਣ ਦੀ ਸੰਭਾਵਨਾ 'ਤੇ ਸ਼ੱਕ ਜਤਾਇਆ।
ਉਨ੍ਹਾਂ ਕਿਹਾ ਕਿ ਮੈਂ ਵਿਧਾਇਕ ਵਜੋਂ ਆਪਣਾ ਕੰਮ ਈਮਾਨਦਾਰੀ ਨਾਲ ਕਰ ਰਿਹਾ ਹਾਂ। ਮੇਰੇ 'ਤੇ ਕੋਈ ਦੋਸ਼ ਨਹੀਂ ਹਨ ਅਤੇ ਨਾ ਹੀ ਮੇਰੇ 'ਤੇ ਕੋਈ ਭ੍ਰਿਸ਼ਟਾਚਾਰ ਦਾ ਮਾਮਲਾ ਹੈ। ਫਿਰ ਪਾਰਟੀ ਨੇ ਅਜਿਹਾ ਕਿਉਂ ਕੀਤਾ?" ਚੰਨੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਹਰਾਉਣ ਦੇ ਬਾਵਜੂਦ ਪਾਰਟੀ ਨੇ ਉਨ੍ਹਾਂ ਨੂੰ ਕੋਈ ਹੋਰ ਅਹੁਦਾ ਨਹੀਂ ਦਿੱਤਾ। ਉਨ੍ਹਾਂ ਪੀ. ਟੀ. ਆਈ. ਨੂੰ ਦੱਸਿਆ ਕਿ ਮੈਂ ਕਦੇ ਵੀ ਪਾਰਟੀ ਤੋਂ ਮੰਤਰੀ ਅਹੁਦੇ ਜਾਂ ਕਿਸੇ ਹੋਰ ਅਹੁਦੇ ਲਈ ਨਹੀਂ ਕਿਹਾ।
ਚਰਨਜੀਤ ਸਿੰਘ ਨੇ ਕਿਹਾ ਕਿ ਜੋ ਵੀ ਈਮਾਨਦਾਰੀ ਨਾਲ ਕੰਮ ਕਰਦਾ ਹੈ ਉਸ ਨੂੰ ਹਮੇਸ਼ਾ ਟਿਕਟ ਮਿਲਣ ਦੀ ਉਮੀਦ ਰਹਿੰਦੀ ਹੈ। ਉਨ੍ਹਾਂ ਕਿਹਾ, "ਮੈਨੂੰ ਟਿਕਟ ਮਿਲਣ ਦੀ ਉਮੀਦ ਸੀ।" ਚਰਨਜੀਤ ਸਿੰਘ ਨੇ ਕਿਹਾ ਕਿ ਜਦੋਂ ਗੜ੍ਹੀ ਨੂੰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਇਹ ਨਿਯੁਕਤੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਹੈ।
ਪੇਸ਼ੇ ਤੋਂ ਅੱਖਾਂ ਦੇ ਸਰਜਨ ਚਰਨਜੀਤ ਸਿੰਘ ਨੇ ਕਿਹਾ, "ਗੜੀ ਨੇ ਇਹ ਵੀ ਕਿਹਾ ਸੀ ਕਿ ਉਹ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਏ ਹਨ, ਚੋਣ ਲੜਨ ਲਈ ਨਹੀਂ।" ਵਿਧਾਇਕ ਵਜੋਂ ਆਪਣੇ ਕਾਰਜਕਾਲ ਦੌਰਾਨ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਦਾ ਹਵਾਲਾ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਦੱਸਿਆ, "ਮੇਰੇ ਦੁਆਰਾ ਕੀਤੇ ਗਏ ਕੰਮਾਂ ਦੀ ਸੂਚੀ ਲੰਬੀ ਹੈ। ਇਹ ਉਨ੍ਹਾਂ ਵਿੱਚੋਂ ਕੁਝ ਕੁ ਹਨ।" ਇਸ ਦੌਰਾਨ ਜਦੋਂ ਮੀਡੀਆ ਵੱਲੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੇ ਚਮਕੌਰ ਸਾਹਿਬ ਦੀ ਟਿਕਟ ਨਾ ਮਿਲਣ ਤੋਂ ਬਾਅਦ ਪਾਰਟੀ ਲੀਡਰਸ਼ਿਪ ਕੋਲ ਆਪਣੀ ਗੱਲ ਰੱਖੀ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਬਿਲਕੁਲ ਨਹੀਂ ਸੁਣਦੀ।
ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਤੋਂ ਮੈਂ ਆਪਣੇ ਹਲਕੇ ਦੇ ਕੁਝ ਪ੍ਰਾਜੈਕਟਾਂ ਬਾਰੇ ਮੁੱਖ ਮੰਤਰੀ ਨਾਲ ਦੋ ਮਿੰਟ ਦੀ ਮੁਲਾਕਾਤ ਦੀ ਬੇਨਤੀ ਕਰ ਰਿਹਾ ਸੀ ਪਰ ਮੈਨੂੰ ਦੋ ਮਿੰਟ ਵੀ ਨਹੀਂ ਮਿਲੇ। ਮੈਂ ਉਨ੍ਹਾਂ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓ. ਐੱਸ. ਡੀ) ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ) ਦੇ ਇੰਚਾਰਜ ਅਧਿਕਾਰੀ ਨਾਲ ਵੀ ਸੰਪਰਕ ਕੀਤਾ, ਪਰ ਮੈਨੂੰ ਮੁਲਾਕਾਤ ਲਈ ਸਮਾਂ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਧਾਇਕ ਨੂੰ ਮੁਲਾਕਾਤ ਦਾ ਸਮਾਂ ਵੀ ਨਹੀਂ ਮਿਲਦਾ ਤਾਂ ਆਮ ਆਦਮੀ ਕੀ ਉਮੀਦ ਕੀਤੀ ਜਾ ਸਕਦੀ ਹੈ? ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਦੀ ਬੇਨਤੀ ਕੀਤੀ ਸੀ ਪਰ ਦੋ ਮਹੀਨੇ ਬਾਅਦ ਵੀ ਉਨ੍ਹਾਂ ਨੂੰ ਕੋਈ ਮੁਲਾਕਾਤ ਦਾ ਸਮਾਂ ਨਹੀਂ ਮਿਲਿਆ। ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਚਮਕੌਰ ਸਾਹਿਬ ਤੋਂ ਚੋਣ ਲੜਨਗੇ। ਉਨ੍ਹਾਂ ਦਾਅਵਾ ਕੀਤਾ ਕਿ ਹੋਰ ਰਾਜਨੀਤਿਕ ਪਾਰਟੀਆਂ ਵੀ ਉਨ੍ਹਾਂ ਨਾਲ ਸੰਪਰਕ ਕਰ ਰਹੀਆਂ ਹਨ।