- Updated: November 09, 2026 11:58 AM
ਮੋਗਾ ਦੇ ਬਾਘਾਪੁਰਾਣਾ ਦੇ ਖੇਤਰ ਬਸਤੀ ਵਿੱਚ ਦੀਵਾਲੀ ਵਾਲੀ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਗੱਡੀਆਂ ‘ਤੇ ਆਏ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਮਿਲੀ ਜਾਣਕਾਰੀ ਮੁਤਾਬਕ, ਦੋ ਧੜਿਆਂ ਵਿਚਕਾਰ ਆਪਸੀ ਰੰਜਿਸ਼ ਦੇ ਚੱਲਦਿਆਂ ਕਰੀਬ 7 ਤੋਂ 8 ਰਾਊਂਡ ਫਾਇਰ ਕੀਤੇ ਗਏ। ਇਸ ਦੌਰਾਨ ਆਪਣੇ ਘਰ ਦੀ ਛੱਤ ‘ਤੇ ਖੜ੍ਹਾ ਇੱਕ ਵਿਅਕਤੀ ਗੋਲੀਆਂ ਦੀ ਲਪੇਟ ਵਿੱਚ ਆਉਣ ਕਾਰਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਦੀ ਪਛਾਣ 35 ਸਾਲਾ ਜਗਜੀਤ ਸਿੰਘ ਵਾਸੀ ਬਾਘਾਪੁਰਾਣਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਬਾਘਾਪੁਰਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਵਿਅਕਤੀ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਤੋਂ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਹੀ ਡੀਐਸਪੀ ਬਾਘਾਪੁਰਾਣਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫਾਇਰਿੰਗ ਦੌਰਾਨ ਜਗਜੀਤ ਸਿੰਘ ਜ਼ਖ਼ਮੀ ਹੋਇਆ ਹੈ, ਜਿਸ ਦੀ ਹਾਲਤ ਠੀਕ ਹੈ। ਉਸ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।