PM ਮੋਦੀ ਦਾ SCO ਨੂੰ ਸੱਦਾ, ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਮਿਲ ਕੇ ਕੰਮ ਕਰਨ ਦੀ ਲੋੜ

PM ਮੋਦੀ ਦਾ SCO ਨੂੰ ਸੱਦਾ, ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਮਿਲ ਕੇ ਕੰਮ ਕਰਨ ਦੀ ਲੋੜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਸ਼ੰਘਾਈ ਸਹਿਯੋਗ ਸੰਗਠਨ (SCO) ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਅਤੇ ਉਸ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਨੂੰ ਰੋਕਣ ਲਈ ਮਿਲ ਕੇ ਕੰਮ ਕਰਨਾ ਹੋਵੇਗਾ ਅਤੇ ਅੱਤਵਾਦ ਨਾਲ ਲੜਨ 'ਚ ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ ਹੋ ਸਕਦੀ।

ਪ੍ਰਧਾਨ ਮੰਤਰੀ ਨੇ ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ SCO ਦੇ ਸਾਲਾਨਾ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਇਹ ਵੀ ਕਿਹਾ ਕਿ ਜੰਗ ਦੇ ਮੈਦਾਨ 'ਚ ਕੋਈ ਵੀ ਸਮੱਸਿਆ ਹੱਲ ਨਹੀਂ ਕੀਤੀ ਜਾ ਸਕਦੀ ਅਤੇ ਦੁਨੀਆ 'ਚ ਸਾਰੀਆਂ ਜੰਗਾਂ ਅਤੇ ਸੰਘਰਸ਼ਾਂ ਦਾ ਹੱਲ ਗੱਲਬਾਤ ਅਤੇ ਕੂਟਨੀਤੀ ਰਾਹੀਂ ਰਾਹੀਂ ਕੱਢਿਆ ਜਾਣਾ ਚਾਹੀਦਾ। ਪੀਐੱਮ ਮੋਦੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸੰਪਰਕ ਵਧਾਉਣ ਵਾਲੇ ਪ੍ਰਾਜੈਕਟਾਂ 'ਚ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਦੀਆਂ ਟਿੱਪਣੀਆਂ ਨੂੰ ਚੀਨ ਦੇ ਬੈਲਟ ਐਂਡ ਰੋਡ ਇਨੀਸ਼ੀਏਟਿਵ ਵੱਲ ਅਸਿੱਧੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਅੱਤਵਾਦ ਨਾਲ ਲੜਨ ਦੀ ਜ਼ਰੂਰਤ 'ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਅਜਿਹੇ ਸਮੇਂ 'ਚ ਖਾਸ ਤੌਰ 'ਤੇ ਮਹੱਤਵਪੂਰਨ ਹਨ, ਜਦੋਂ ਭਾਰਤ ਸਰਹੱਦ ਪਾਰ ਅੱਤਵਾਦੀ ਗਤੀਵਿਧੀਆਂ 'ਤੇ ਪਾਕਿਸਤਾਨ ਨੂੰ ਅਲੱਗ-ਥਲੱਗ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ। ਮੋਦੀ ਨੇ ਕਿਹਾ, "ਸਾਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਨੂੰ ਰੋਕਣਾ ਚਾਹੀਦਾ ਹੈ।"

ਉਨ੍ਹਾਂ ਕਿਹਾ, "ਸਾਨੂੰ ਇਕ ਸੁਰ 'ਚ ਕਹਿਣਾ ਚਾਹੀਦਾ ਹੈ ਕਿ ਅੱਤਵਾਦ ਨਾਲ ਲੜਨ 'ਚ ਦੋਹਰੇ ਮਾਪਦੰਡਾਂ ਲਈ ਕੋਈ ਥਾਂ ਨਹੀਂ ਹੋ ਸਕਦੀ।" ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਗਾਂ ਅਤੇ ਸੰਘਰਸ਼ਾਂ ਨੂੰ ਜੰਗ ਦੇ ਮੈਦਾਨ 'ਚ ਹੱਲ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬਾਜ਼ਾਰਾਂ ਨੂੰ ਜੋੜਨ, ਵਪਾਰ ਨੂੰ ਸੁਵਿਧਾਜਨਕ ਬਣਾਉਣ ਅਤੇ ਵਿਕਾਸ ਲਈ ਨਵੇਂ ਰਸਤੇ ਖੋਲ੍ਹਣ ਦੇ ਸਾਰੇ ਯਤਨਾਂ ਦਾ ਸਮਰਥਨ ਕਰਦਾ ਹੈ। ਪੀਐੱਮ ਮੋਦੀ ਨੇ ਇਹ ਵੀ ਕਿਹਾ ਕਿ ਸੰਪਰਕ ਵਧਾਉਣ ਦੇ ਯਤਨਾਂ ਨੂੰ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ,"ਭਾਰਤ ਲਈ, SCO ਮਹਾਨ ਸਭਿਅਤਾਵਾਂ, ਸੱਭਿਆਚਾਰਾਂ ਅਤੇ ਵਿਚਾਰਾਂ ਦਾ ਸੰਗਮ ਹੈ।" ਮੋਦੀ ਨੇ ਕਿਹਾ ਕਿ SCO ਲਈ ਭਾਰਤ ਦੇ ਦ੍ਰਿਸ਼ਟੀਕੋਣ ਦੇ ਤਿੰਨ ਮੁੱਖ ਥੰਮ੍ਹ ਸੁਰੱਖਿਆ, ਸੰਪਰਕ ਅਤੇ ਮੌਕਾ ਹਨ।