- Updated: August 31, 2026 06:24 PM
ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਇੱਕ ਚੋਣ ਰੈਲੀ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ‘ਤੇ ਕਥਿਤ ਤੌਰ ‘ਤੇ ਵਿਵਾਦਿਤ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ।
ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ, ਤਰਨਤਾਰਨ ਦੇ ਡੀਐਸਪੀ ਹਰਪ੍ਰੀਤ ਸਿੰਘ ਅਤੇ ਡੀਐਸਪੀ ਗੁਲਜ਼ਾਰ ਸਿੰਘ ਵੀ ਮੌਜੂਦ ਸਨ। ਕਮਿਸ਼ਨ ਨੇ ਪੁਲਿਸ ਨੂੰ ਰਾਜਾ ਵੜਿੰਗ ਸਮੇਤ ਸਾਰੇ ਦੋਸ਼ੀਆਂ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਅਤੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।
ਹਾਲਾਂਕਿ, ਰਾਜਾ ਵੜਿੰਗ ਹੁਣ ਇਸ ਮਾਮਲੇ ਵਿੱਚ ਅਦਾਲਤ ਦਾ ਦਰਵਾਜ਼ਾ ਖੜਕਾ ਸਕਦੇ ਹਨ। ਉਹ ਐਸਸੀ ਕਮਿਸ਼ਨ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦੇ ਹਨ। ਇਸ ਤੋਂ ਬਾਅਦ, ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜਕਾ ਸਕਦੇ ਹਨ।
ਦੱਸ ਦੇਈਏ ਕਿ ਨਵੰਬਰ 2025 ਵਿੱਚ ਤਰਨਤਾਰਨ ਵਿਧਾਨ ਸਭਾ ਜਿਮਨੀ ਚੋਣਾਂ ਦੌਰਾਨ ਰਾਜਾ ਵੜਿੰਗ ਨੇ ਇੱਕ ਰੈਲੀ ਵਿੱਚ ਸਵਰਗੀ ਬੂਟਾ ਸਿੰਘ ਬਾਰੇ ਵਿਵਾਦਪੂਰਨ ਬਿਆਨ ਦਿੱਤਾ ਸੀ। ਬੂਟਾ ਸਿੰਘ ਦੇ ਪੁੱਤਰ ਸਰਬੋਜਤ ਸਿੰਘ ਨੇ ਦੋਸ਼ ਲਾਇਆ ਕਿ ਵੜਿੰਗ ਨੇ ਉਸ ਦੇ ਮਰਹੂਮ ਪਿਤਾ ਖਿਲਾਫ ਅਪਮਾਨਜਨਕ ਤੇ ਜਾਤੀਸੂਚਕ ਭਾਸ਼ਾ ਦਾ ਇਸਤੇਮਾਲ ਕੀਤਾ, ਜਿਸ ਨਾਲ ਪੂਰੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਿਆ ਹੈ।
ਸਰਬਜੋਤ ਸਿੰਘ ਦੀ ਸ਼ਿਕਾਇਤ ਦੇ ਆਧਾਰਤ ‘ਤੇ ਰਾਜਾ ਵੜਿੰਗ ਖਿਲਾਫ SC/ST ਐਕਟ ਅਤੇ BNS ਦੀਆਂ ਧਾਰਾਵਾਂ ਤਹਿਤ FIR ਦਰਜ ਕੀਤੀ ਗਈ ਸੀ।
ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲਿਆ ਅਤੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਨਿਯਮਾਂ ਮੁਤਾਬਕ ਜਾਂਚ ਪੂਰੀ ਕਰੇ ਅਤੇ ਸ਼ਿਕਾਇਤਕਰਤਾ ਸਰਬਜੋਤ ਸਿੰਘ ਨੂੰ ਧਮਕੀਆਂ ਕਾਰਨ ਐਸਸੀ/ਐਸਟੀ ਐਕਟ ਦੀ ਧਾਰਾ 15ਏ ਤਹਿਤ ਪੁਲਿਸ ਸੁਰੱਖਿਆ ਪ੍ਰਦਾਨ ਕਰੇ। 30 ਦਿਨਾਂ ਬਾਅਦ ਵੀ, ਪੰਜਾਬ ਪੁਲਿਸ ਨੇ ਨਾ ਤਾਂ ਜਾਂਚ ਪੂਰੀ ਕੀਤੀ ਅਤੇ ਨਾ ਹੀ ਕਮਿਸ਼ਨ ਨੂੰ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਸੌਂਪੀ। ਕਮਿਸ਼ਨ ਨੇ ਇਸ ਲਾਪਰਵਾਹੀ ‘ਤੇ ਸਖ਼ਤ ਇਤਰਾਜ਼ ਜਤਾਇਆ।