CM ਭਗਵੰਤ ਮਾਨ ਦਾ ਗੈਂਗਸਟਰਾਂ ਨਾਲ ਨਜਿੱਠਣ ਲਈ ਸਪੱਸ਼ਟ ਸੰਦੇਸ਼ ,''ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ''

 CM ਭਗਵੰਤ ਮਾਨ ਦਾ ਗੈਂਗਸਟਰਾਂ ਨਾਲ ਨਜਿੱਠਣ ਲਈ ਸਪੱਸ਼ਟ ਸੰਦੇਸ਼ ,''ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ''

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੋ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਅਤੇ ਆਪਣੇ ਐਕਸ ਅਕਾਊਂਟ ਰਾਹੀਂ ਦੱਸਿਆ ਕਿ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ਤੇ ਲਿਖਿਆ "ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ, ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਨ੍ਹਾਂ ਨੂੰ “ਸਰਪ੍ਰਸਤੀ” ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ।”

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਨਿਊ ਮੁੱਲਾਂਪੁਰ ਵਿੱਚ ਗੈਂਗਸਟਰਾਂ ਅਤੇ ਮੋਹਾਲੀ ਪੁਲੀਸ ਦੇ ਸਪੈਸ਼ਲ ਸੈੱਲ ਵਿਚਾਲੇ ਮੁੱਠਭੇੜ ਹੋਈ ਸੀ। ਜਿਸ ਵਿੱਚ ਦੋ ਬਦਮਾਸ਼ ਵਿਕਰਮ ਰਾਣਾ ਉਰਫ਼ ਹੈਪੀ ਅਤੇ ਕਿਰਨ ਜ਼ਖਮੀ ਹੋ ਗਏ ਅਤੇ ਫੇਰ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ' ‘ਤੇ਼ ਬਾਊਂਸਰ ਮਨੀਸ਼ ਕੁਮਾਰ ਦੇ ਕਤਲ ਦਾ ਵੀ ਦੋਸ਼ ਹੈ। ਬੀਤੇ ਦਿਨ ਮਨੀਸ਼ ਕੁਮਾਰ ਉਰਫ਼ ਮਨੀ ਰਾਣਾ ਦਾ ਕਤਲ ਕਰ ਦਿੱਤਾ ਗਿਆ ਸੀ। ਮੋਹਾਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਕੁਸ਼ਲਤਾ ਨਾਲ ਕੰਮ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਸਥਾਪਨਾ ਕੀਤੀ ਹੈ। ਇਸ ਫੋਰਸ ਦੀ ਅਗਵਾਈ ਐਡੀਸ਼ਨਲ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਦੇ ਰੈਂਕ ਦੇ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਂਦੀ ਹੈ। ਇਸ ਟਾਸਕ ਫੋਰਸ ਦਾ ਉਦੇਸ਼ ਸੰਗਠਿਤ ਅਪਰਾਧ ਨੂੰ ਖ਼ਤਮ ਕਰਨਾ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣਾ ਹੈ। ਮਾਨ ਸਰਕਾਰ ਪੰਜਾਬ ਪੁਲਿਸ ਦੀ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਿਭਾਗ ਨੂੰ ਲੋੜੀਂਦੀ ਮੈਨਪਾਵਰ, ਨਵੀਨਤਮ ਸਾਜ਼ੋ-ਸਾਮਾਨ ਅਤੇ ਸੂਚਨਾ ਤਕਨੀਕ ਵੀ ਪ੍ਰਦਾਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਵਾਰ-ਵਾਰ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨਾ ਹੈ। ਪਿਛਲੀਆਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਵਪਾਰੀਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। 'ਆਪ' ਸਰਕਾਰ ਨੇ ਪਹਿਲੇ ਦਿਨ ਤੋਂ ਹੀ ਗੈਂਗਸਟਰਵਾਦ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਪੰਜਾਬ ਨੂੰ ਸ਼ਾਂਤਮਈ, ਖ਼ੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।