- Updated: October 24, 2026 11:39 PM
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਐੱਸ. ਐੱਸ. ਪੀ. ਮਾਨਸਾ ਦੇ ਕੰਮਕਾਜ 'ਤੇ ਸਵਾਲ ਚੁੱਕਦਿਆਂ ਤੁਰੰਤ ਟ੍ਰਾਂਸਫਰ ਦੀ ਮੰਗ ਕੀਤੀ ਹੈ। ਭੀਮ ਸਿੰਘ ਵੱਲੋਂ ਇਕ ਵੀਡੀਓ ਜਾਰੀ ਕਰਦਿਆਂ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਣ ਤੋਂ ਬਾਅਦ ਮਾਹੌਲ ਫਿਰ ਗਰਮਾ ਗਿਆ ਹੈ। ਪਰਿਵਾਰ ਵੱਲੋਂ ਲਗਾਤਾਰ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਐੱਸ. ਐੱਸ. ਪੀ. ਮਾਨਸਾ ਦੇ ਕੰਮਕਾਜ ਨੂੰ ਲੈ ਕੇ ਵੀ ਪਰਿਵਾਰ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਝੋਟਾ ਦੇ ਪਿਤਾ ਨੇ ਵੀਡੀਓ ਵਿਚ ਐਲਾਨ ਕੀਤਾ ਕਿ ਪਰਿਵਾਰ ਐੱਸਐੱਸਪੀ ਦੀ ਮੌਜੂਦਗੀ ਵਿਚ ਸੂਬਾ ਸਰਕਾਰ ਵੱਲੋਂ ਗੱਲਬਾਤ ਲਈ ਬਣਾਈ ਗਈ ਕਮੇਟੀ ਨਾਲ ਮੀਟਿੰਗਾਂ ਵਿਚ ਸ਼ਾਮਲ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਦੀ ਕਮੇਟੀ ਨੇ ਉਨ੍ਹਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਤਾਂ ਉਹ ਜ਼ਰੂਰ ਗਏ ਹਨ ਪਰ ਪ੍ਰਸ਼ਾਸਨ ਨਾਲ ਮੀਟਿੰਗਾਂ ਦੌਰਾਨ ਪਰਿਵਾਰ ਨਾਲ ਅਪਮਾਨਜਨਕ ਵਿਵਹਾਰ ਕੀਤਾ ਜਾ ਰਹਾ ਸੀ। ਉਨ੍ਹਾਂ ਨੇ ਕੁਝ ਅਧਿਕਾਰੀਆਂ ਕੀਤੀ ਗਈ ਮੁਅੱਤਲੀ 'ਤੇ ਵੀ ਸਵਾਲ ਚੁੱਕੇ ਅਤੇ ਮੰਗ ਕੀਤੀ ਕਿ ਮੁਅੱਤਲੀ ਦੇ ਹੁਕਮਾਂ ਦੀਆਂ ਕਾਪੀਆਂ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਤੱਕ ਕੀਤੀ ਕਾਰਵਾਈ ਨਾਕਾਫੀ ਹੈ ਅਤੇ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਭੀਮ ਸਿੰਘ ਨੇ ਐੱਸਐੱਸਪੀ ਦੇ ਤਬਾਦਲੇ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਗੱਲਬਾਤ ਦੌਰਾਨ ਅਧਿਕਾਰੀ ਦੀ ਮੌਜੂਦਗੀ ਪਰਿਵਾਰ ਅਤੇ ਧਰਨਾਕਾਰੀਆਂ ਨੂੰ ਪ੍ਰਵਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਮੇਟੀ ਕੋਈ ਫੈਸਲਾ ਲੈਣ ਤੋਂ ਪਹਿਲਾਂ ਸੰਘਰਸ਼ ਦੇ ਹੋਰ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮਾਮਲੇ ਨੂੰ ਲੰਮਾ ਨਹੀਂ ਖਿੱਚਣਾ ਚਾਹੁੰਦੇ।