ਅਮਿਤ ਸ਼ਾਹ ਤੋਂ ਸ਼ਿਲਾਂਗ ਦੀ ਪੰਜਾਬੀ ਲੇਨ ’ਚ ਰਹਿਣ ਵਾਲੇ ਲੋਕਾਂ ਨੇ ਮੰਗੀ ਮਦਦ

ਅਮਿਤ ਸ਼ਾਹ ਤੋਂ ਸ਼ਿਲਾਂਗ ਦੀ ਪੰਜਾਬੀ ਲੇਨ ’ਚ ਰਹਿਣ ਵਾਲੇ ਲੋਕਾਂ ਨੇ ਮੰਗੀ ਮਦਦ

ਮੇਘਾਲਿਆ ਦੇ ਸ਼ਿਲਾਂਗ ’ਚ ਵਿਵਾਦਿਤ ਪੰਜਾਬੀ ਲੇਨ ਦੇ ਵਸਨੀਕਾਂ ਨੇ 9 ਮਾਰਚ ਨੂੰ ਉਨ੍ਹਾਂ ਦੇ ਇਲਾਕੇ ’ਚ ਹੋਏ ਆਈ.ਈ.ਡੀ. ਧਮਾਕਾ ਮਾਮਲੇ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖਲ ਦੀ ਮੰਗ ਕੀਤੀ ਹੈ। ਇਸ ਧਮਾਕੇ ’ਚ ਇਕ ਵਿਅਕਤੀ ਜ਼ਖਮੀ ਹੋ ਗਿਆ ਸੀ। 

ਸ਼ਾਹ ਨੂੰ ਲਿਖੀ ਚਿੱਠੀ ਵਿਚ ਹਰੀਜਨ ਪੰਚਾਇਤ ਕਮੇਟੀ ਦੇ ਸਕੱਤਰ ਗੁਰਜੀਤ ਸਿੰਘ ਨੇ ਕਿਹਾ ਕਿ ਧਮਾਕੇ ਨੇ ਵਸਨੀਕਾਂ ਵਿਚ ਡਰ ਦੀ ਭਾਵਨਾ ਪੈਦਾ ਕਰ ਦਿਤੀ ਹੈ। ਵਿਵਾਦਿਤ ਇਲਾਕੇ ’ਚ ਰਹਿਣ ਵਾਲੇ ਸਿੱਖਾਂ ਦਾ ਮੰਨਣਾ ਹੈ ਕਿ ਇਹ ਧਮਾਕਾ ਉਨ੍ਹਾਂ ਨੂੰ ਨਗਰ ਨਿਗਮ ਦੀ ਜ਼ਮੀਨ ’ਤੇ ਤਬਦੀਲ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਗੱਲਬਾਤ ’ਚ ਵਿਘਨ ਪਾਉਣ ਲਈ ਕੀਤਾ ਗਿਆ ਸੀ। 

ਸਾਲ 2018 ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਮਰਥਿਤ ਮੇਘਾਲਿਆ ਡੈਮੋਕ੍ਰੇਟਿਕ ਅਲਾਇੰਸ (ਐੱਮ.ਡੀ.ਏ.) ਦੇ ਸੱਤਾ ’ਚ ਆਉਣ ਤੋਂ ਕੁੱਝ ਮਹੀਨਿਆਂ ਬਾਅਦ ਸ਼ੁਰੂ ਕੀਤੀ ਗਈ ਤਬਾਦਲੇ ਦੀ ਪ੍ਰਕਿਰਿਆ ਇਸ ਸਮੇਂ ਹਾਈ ਕੋਰਟ ਦੀ ਨਿਗਰਾਨੀ ’ਚ ਹੈ। ਗੁਰਜੀਤ ਸਿੰਘ ਨੇ ਸ਼ਾਹ ਨੂੰ ਕਿਹਾ ਕਿ ਧਮਾਕਾ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਕਮਜ਼ੋਰ ਕਰਨ ਲਈ ਕੀਤਾ ਗਿਆ ਸੀ। ਉਨ੍ਹਾਂ ਗ੍ਰਹਿ ਮੰਤਰੀ ਨੂੰ ਧਮਕੀਆਂ ਦੇਣ ਵਾਲਿਆਂ ਵਿਰੁਧ ਤੁਰਤ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸ਼ਾਂਤੀ ਬਹਾਲ ਕਰਨ ਲਈ ਸ਼ਰਾਰਤੀ ਅਨਸਰਾਂ ਨੂੰ ਜਵਾਬਦੇਹ ਠਹਿਰਾਉਣ ਦੀ ਲੋੜ ਹੈ। 

ਉਨ੍ਹਾਂ ਨੇ ਕੇਂਦਰ ਨੂੰ ਕਾਨੂੰਨ ਦੇ ਸ਼ਾਸਨ ਨੂੰ ਕਾਇਮ ਰੱਖਣ ਅਤੇ ਨਸਲ ਜਾਂ ਧਰਮ ਤੋਂ ਬਿਨਾਂ ਸਾਰੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਦਾ ਸੱਦਾ ਦਿਤਾ। ਉਨ੍ਹਾਂ ਕਿਹਾ, ‘‘ਪੰਜਾਬੀ ਕਲੋਨੀ ਦੇ ਸਿੱਖਾਂ ਨੂੰ ਵੱਖ-ਵੱਖ ਆਦਿਵਾਸੀ ਸਮੂਹਾਂ ਤੋਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਮੂਹ ਮੇਘਾਲਿਆ ’ਚ ਗੈਰ-ਆਦਿਵਾਸੀਆਂ ਦੀ ਮੌਜੂਦਗੀ ਦੇ ਖੁੱਲ੍ਹ ਕੇ ਵਿਰੁਧ ਰਹੇ ਹਨ, ਜਿਸ ਨਾਲ ਡਰ ਦਾ ਮਾਹੌਲ ਪੈਦਾ ਹੋਇਆ ਹੈ।’’