- Updated: November 11, 2026 01:34 PM
ਫਿਲੌਰ ਪੁਲਸ ਨੇ ਨਸ਼ੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ 1 ਕਿਲੋ 500 ਗ੍ਰਾਮ ਅਫੀਮ ਸਮੇਤ ਮੱਧ ਪ੍ਰਦੇਸ਼ ਨਿਵਾਸੀ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਡੀ.ਐੱਸ.ਪੀ. ਸਬ ਡਵੀਜ਼ਨ ਫਿਲੌਰ ਭਰਤ ਮਸੀਹ ਨੇ ਦੱਸਿਆ ਕਿ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿਚ ਪੁਲਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਪਿੰਡ ਗੰਨਾ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਜਦੋਂ ਪੁਲਸ ਨੇ ਉਸ ਦੀ ਤਲਾਸ਼ੀ ਲਈ ਤਾ ਉਸ ਕੋਲੋਂ 1 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਈ।
ਡੀ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮ ਪੰਕਜ ਕੁਮਾਰ ਪੁੱਤਰ ਗੋਪਾਲ ਸੁਥਾਰ ਨਿਵਾਸੀ ਪਿੰਡ ਧਾਰੜੀ, ਥਾਣਾ ਸਿੰਗੋਲੀ, ਮੱਧ ਪ੍ਰਦੇਸ਼ ਨੂੰ ਗ੍ਰਿਫਤਾਰ ਕਰਕੇ ਉਸ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਮੱਧ ਪ੍ਰਦੇਸ਼ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਸਪਲਾਈ ਕਰਦਾ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਵੱਲੋਂ ਉਸ ਤੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਕਿ ਨਸ਼ਾ ਸਮੱਗਲਿੰਗ ਨਾਲ ਜੁੜੇ ਹੋਰ ਲੋਕਾਂ ਦੇ ਪੂਰੇ ਨੈੱਟਵਰਕ ਦੀ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਡੀ.ਐੱਸ.ਪੀ. ਭਰਤ ਮਸੀਹ ਨੇ ਕਿਹਾ ਕਿ ਨਸ਼ਾ ਕੇਵਲ ਇਕ ਵਿਅਕਤੀ ਨੂੰ ਨਹੀਂ, ਪੂਰੇ ਸਮਾਜ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਰਬਾਦ ਕਰਦਾ ਹੈ। ਇਸ ਲਈ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਦੇ ਖਿਲਾਫ ਪੁਲਸ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੇਗੀ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਆਸ ਪਾਸ ਕੋਈ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਸ ਨੂੰ ਦੇਣਾ।