ਵਿਸ਼ੇਸ਼ ਸੈਸ਼ਨ ਦੌਰਾਨ PM ਮੋਦੀ ਨੇ ਬੁਲਾਈ ਕੈਬਨਿਟ ਮੀਟਿੰਗ, 33 ਫੀਸਦੀ ਮਹਿਲਾ ਰਾਖਵੇਂਕਰਨ ਬਿੱਲ ਨੂੰ ਦਿੱਤੀ ਮਨਜ਼ੂਰੀ

ਵਿਸ਼ੇਸ਼ ਸੈਸ਼ਨ ਦੌਰਾਨ PM ਮੋਦੀ ਨੇ ਬੁਲਾਈ ਕੈਬਨਿਟ ਮੀਟਿੰਗ, 33 ਫੀਸਦੀ ਮਹਿਲਾ ਰਾਖਵੇਂਕਰਨ ਬਿੱਲ ਨੂੰ ਦਿੱਤੀ ਮਨਜ਼ੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੋਮਵਾਰ ਨੂੰ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਮੀਟਿੰਗ ਸ਼ਾਮ 6.30 ਵਜੇ ਸੰਸਦ ਭਵਨ ਦੀ ਐਨੈਕਸੀ ਬਿਲਡਿੰਗ ਵਿੱਚ ਹੋ ਰਹੀ ਹੈ। ਕੇਂਦਰੀ ਮੰਤਰੀ ਮੰਡਲ ਦੀ ਹੋਈ ਬੈਠਕ ਵਿਚ ਸੰਸਦ ਵਿਚ 33 ਫੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਡੇਢ ਘੰਟੇ ਤੱਕ ਚੱਲੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਇਸ ਹਫਤੇ ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਮਹਿਲਾ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ ਦੇਣ ਦੇ ਮਦੱਦੇਨਜ਼ਰ ਪੀਐੱਮ ਮੋਦੀ ਨੂੰ ਧੰਨਵਾਦ ਦੇਣ ਲਈ ਭਾਰਤੀ ਜਨਤਾ ਪਾਰਟੀ ਦਿੱਲੀ-ਐੱਨਸੀਆਰ ਵਿਚ ਹਜ਼ਾਰਾਂ ਔਰਤਾਂ ਨੂੰ ਦਿੱਲੀ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅਜਿਹੇ ਸਮੇਂ ਹੋਈ ਜਦੋਂ ਅਟਕਲਾਂ ਸਨ ਕਿ ਇਸ ਬੈਠਕ ਵਿਚ ਕੁਝ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

ਹਾਲਾਂਕਿ ਕੈਬਨਿਟ ਦੀ ਬੈਠਕ ਦੇ ਏਜੰਡੇ ਵਿਚ ਸ਼ਾਮਲ ਬਿੰਦੂਆਂ ਨੂੰ ਲੈ ਕੇ ਕੋਈ ਅਧਿਕਾਰਕ ਪੱਖ ਨਹੀਂ ਆਇਆ ਹੈ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਐਲਾਨ ਦੇ ਬਾਅਦ ਤੋਂ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਇਸ ਸੈਸ਼ਨ ਵਿਚ ਸਰਕਾਰ ਮਹਿਲਾ ਰਾਖਵੇਂਕਰਨ ਬਿੱਲ ਜਾਂ ਹੋਰ ਮਹੱਤਵਪੂਰਨ ਬਿੱਲ ਲਿਆ ਸਕਦੀ ਹੈ।

ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਸਰਕਾਰ ਨੂੰ ਸੰਸਦ ਦੇ ਮੌਜੂਦਾ ਸੈਸ਼ਨ 'ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰਨ ਅਤੇ ਇਸ ਨੂੰ ਸਰਬਸੰਮਤੀ ਨਾਲ ਪਾਸ ਕਰਵਾਉਣ ਦੀ ਅਪੀਲ ਕੀਤੀ, ਜਦਕਿ ਭਾਜਪਾ ਨੇ ਸਵਾਲ ਉਠਾਇਆ ਕਿ ਮੁੱਖ ਵਿਰੋਧੀ ਧਿਰ, ਜੋ 57 ਸਾਲਾਂ ਤੋਂ ਸੱਤਾ 'ਚ ਸੀ, ਨੇ ਇਸ ਵਿਸ਼ੇ 'ਤੇ ਕੀ ਕੀਤਾ?

ਸੰਸਦ ਦੇ 5 ਰੋਜ਼ਾ ਸੈਸ਼ਨ ਦੇ ਪਹਿਲੇ ਦਿਨ 'ਸੰਵਿਧਾਨ ਸਭਾ ਤੋਂ ਸ਼ੁਰੂ ਹੋਏ ਸੰਸਦੀ ਸਫ਼ਰ ਦੇ 75 ਸਾਲ- ਉਪਲਬਧੀਆਂ, ਅਨੁਭਵ, ਯਾਦਾਂ ਅਤੇ ਸਬਕ' ਵਿਸ਼ੇ 'ਤੇ ਦੋਵਾਂ ਸਦਨਾਂ 'ਚ ਚਰਚਾ ਸ਼ੁਰੂ ਹੋਈ। ਲੋਕ ਸਭਾ 'ਚ ਇਸ ਵਿਸ਼ੇ 'ਤੇ ਆਪਣੇ ਸੰਬੋਧਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ 75 ਸਾਲਾਂ 'ਚ ਭਾਰਤੀ ਲੋਕਤੰਤਰ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਹੈ ਕਿ ਸੰਸਦ 'ਚ ਆਮ ਲੋਕਾਂ ਦਾ ਭਰੋਸਾ ਵਧਿਆ ਹੈ।