ਜਲੰਧਰ ਵਿੱਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ, ਕਈ ਮੁੱਦਿਆਂ ‘ਤੇ ਘੇਰਿਆ

ਜਲੰਧਰ ਵਿੱਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ, ਕਈ ਮੁੱਦਿਆਂ ‘ਤੇ ਘੇਰਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ 125 ਕਰੋੜ ਰੁਪਏ ਦੀ ਲਾਗਤ ਵਾਲੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਦੇ ਹੋਏ ਕੁੱਲ੍ਹ 5470 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਸੀਰ ਗੋਵਰਧਨ ਵਾਰਾਣਸੀ ਐਕਸਪ੍ਰੈੱਸ ਨੂੰ ਹਰੀ ਝੰਡੀ ਵਿਖਾਉਣ ਤੋਂ ਪਹਿਲਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਇਸ ਦੇ ਬਾਅਦ ਟਰੇਨ ਵਿਚ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਵੀ ਕੀਤੀ। ਇਸ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਆਗੂਆਂ ਵਾਲੀ ਹਰੀ ਪਗੜੀ ਪਹਿਨ ਕੇ ਸਟੇਜ਼ 'ਤੇ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਉਨ੍ਹਾਂ ਨਮਨ ਵੀ ਕੀਤਾ। 

Imageਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ਼ਤਿਹਾਰਾਂ ਦੇ ਜ਼ੋਰ 'ਤੇ ਵਿਸ਼ਵਾਸਘਾਤ ਕੀਤਾ ਜਾ ਰਿਹਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਬੋਲਦੇ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਸਸਥਾ ਬੇਹਾਲ ਹੋ ਚੁੱਕੀ ਹੈ। ਕਦੋ, ਕਿੱਥੇ ਗੈਂਗਵਾਰ ਹੋ ਜਾਵੇ, ਕਿਹੜੀ ਦਿਸ਼ਾ ਤੋਂ ਗੋਲ਼ੀਆਂ ਚੱਲ ਜਾਣ ਕੋਈ ਕੁਝ ਨਹੀਂ ਕਹਿ ਸਕਦਾ। ਇਥੇ ਵਪਾਰ-ਕਾਰੋਬਾਰ ਕਰਨਾ ਮੁਸ਼ਕਿਲ ਹੋ ਚੁੱਕਾ ਹੈ। ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਪੁਲਸ ਥਾਣੇ ਤੱਕ ਵੀ ਸੁਰੱਖਿਅਤ ਨਹੀਂ ਹਨ। ਥਾਣਿਆਂ 'ਤੇ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਦਾ ਭਵਿੱਖ ਬਰਬਾਦ ਕੀਤਾ ਜਾ ਰਿਹਾ ਹੈ। ਨਸ਼ੇ ਦੇ ਸੌਦਾਗਰ ਖੁੱਲ੍ਹਆਮ ਘੁੰਮ ਰਹੇ ਹਨ। ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਧਕੇਲਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਦੀ ਸੱਤਾ ਵਿਚ ਬੈਠੇ ਹਨ, ਉਹ ਬਹੁਤ ਘਮੰਡ ਨਾਲ ਦੇਸ਼ ਦੀ ਰਾਜਨੀਤੀ ਬਦਲਣ ਦਾ ਦਾਅਵਾ ਕਰਦੇ ਸਨ। ਅੱਜ ਦੇਸ਼ ਉਨ੍ਹਾਂ ਦੇ ਅਸਲੀ ਰੰਗ ਵੇਖ ਰਿਹਾ ਹੈ। ਮੋਦੀ ਨੇ ਕਿਹਾ ਕਿ ਦੋ-ਤਿੰਨ ਦਿਨ ਪਹਿਲਾਂ ਉਨ੍ਹਾਂ ਦੇ ਇਕ ਨੇਤਾ ਨੂੰ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਉਸ 'ਤੇ ਦੰਗੇ ਭੜਕਾਉਣ ਅਤੇ ਇਕ ਆਈ. ਬੀ. ਅਧਿਕਾਰੀ ਦਾ ਕਤਲ ਦਾ ਦੋਸ਼ ਹੈ। ਉਨ੍ਹਾਂ ਕਿਹਾ ਅਦਾਲਤ ਨੇ ਸਬੂਤਾਂ ਦੇ ਆਧਾਰ 'ਤੇ ਆਪਣਾ ਫ਼ੈਸਲਾ ਸੁਣਾਇਆ ਪਰ ਫਿਰ ਵੀ ਉਹ ਇਸ 'ਤੇ ਵੀ ਸਵਾਲ ਚੁੱਕ ਰਹੇ ਹਨ। ਪੰਜਾਬ ਵਿਚ ਇਕ "ਕੱਟੜ ਬੇਈਮਾਨ ਪਾਰਟੀ" ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਥੋਂ ਦੀ ਸਰਕਾਰ ਕਰਜ਼ੇ 'ਤੇ ਮੌਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ ਹੈ ਅਤੇ ਪੰਜਾਬ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਜ਼ਰੂਰੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।