- Updated: July 04, 2026 01:36 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸੇ ਮਹੀਨੇ ਪੰਜਾਬ ਦਾ ਦੌਰਾ ਕਰ ਸਕਦੇ ਹਨ। ਉਨ੍ਹਾਂ ਦੀ ਦੋਆਬਾ ਵਿਚ ਰੈਲੀ ਹੋ ਸਕਦੀ ਹੈ। ਰੇਲਵੇ ਦੇ ਉੱਚ ਪੱਧਰੀ ਅਤੇ ਭਰੋਸੇਯੋਗ ਸੂਤਰਾਂ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਜੁਲਾਈ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਲਈ ਨਿੱਜੀ ਤੌਰ 'ਤੇ ਪੰਜਾਬ ਆਉਣਗੇ। ਚਰਚਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਦੌਰਾ ਸਿਰਫ਼ ਰੇਲਵੇ ਸਟੇਸ਼ਨ ਦੇ ਉਦਘਾਟਨ ਤੱਕ ਸੀਮਤ ਨਹੀਂ ਹੋਵੇਗਾ, ਜਲੰਧਰ 'ਚ ਇਕ ਵੱਡੀ ਰੈਲੀ ਕਰਨ ਦੀਆਂ ਯੋਜਨਾਵਾਂ ਵੀ ਚੱਲ ਰਹੀਆਂ ਹਨ। ਇਸ ਰੈਲੀ ਰਾਹੀਂ ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਦੇ ਸੰਭਾਵੀ ਦੌਰੇ ਦੀ ਖ਼ਬਰ ਤੋਂ ਬਾਅਦ ਪ੍ਰਸ਼ਾਸਨ, ਰੇਲਵੇ ਸੁਰੱਖਿਆ ਬਲ (RPF) ਅਤੇ ਪੰਜਾਬ ਪੁਲਸ ਹਾਈ ਅਲਰਟ 'ਤੇ ਹਨ। ਸਟੇਸ਼ਨ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕੀਤੀ ਜਾ ਰਹੀ ਹੈ। ਜੇਕਰ ਪ੍ਰਧਾਨ ਮੰਤਰੀ ਮੋਦੀ ਦਾ ਦੌਰਾ 13 ਜੁਲਾਈ ਨੂੰ ਹੁੰਦਾ ਹੈ ਤਾਂ ਇਹ ਪੰਜਾਬ ਦੀ ਰਾਜਨੀਤੀ ਅਤੇ ਵਿਕਾਸ ਦੋਵੇਂ ਲਿਹਾਜ਼ ਨਾਲ ਇਕ ਵੱਡਾ ਅਤੇ ਦੂਰਗਾਮੀ ਮੋੜ ਹੋਵੇਗਾ।
ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਨੇ ਯੋਜਨਾ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਅਤੇ ਕਿਹਾ ਕਿ ਉੱਚ ਅਧਿਕਾਰੀਆਂ ਤੋਂ ਪ੍ਰਾਪਤ ਆਦੇਸ਼ਾਂ ਦੇ ਆਧਾਰ 'ਤੇ ਸਮਾਂ-ਸਾਰਣੀ ਨਿਰਧਾਰਤ ਕੀਤੀ ਜਾਵੇਗੀ। ਹਾਲਾਂਕਿ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਬਣਾਉਣ ਲਈ ਚੱਲ ਰਹੇ ਪ੍ਰੋਗਰਾਮ "ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ" ਦੇ ਤਹਿਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ।