- Updated: July 21, 2026 05:55 PM
ਕਾਂਗਰਸ ਨੇ ਪੇਪਰ ਲੀਕ ਮਾਮਲੇ ਦੇ ਸਬੰਧ ਵਿੱਚ ਦਿੱਲੀ ਵਿਚ ਪ੍ਰਦਰਸ਼ਨਕਾਰੀਆਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਲੋਕ ਕਲਿਆਣ ਮਾਰਗ ‘ਤੇ ਪ੍ਰਦਰਸ਼ਨ ਕੀਤਾ, ਜਿਥੇ ਰਾਹੁਲ ਗਾਂਧੀ ਸਣੇ ਵੱਡੇ ਲੀਡਰ ਪ੍ਰਦਰਸ਼ਨ ‘ਚ ਸ਼ਾਮਿਲ ਹੋਏ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਪੁਲਿਸ ਚੰਨੀ ਨੂੰ ਘਸੀਟਦੇ ਹੋਏ ਇੱਕ ਬੱਸ ਵਿੱਚ ਲੈ ਗਈ, ਜਿਸ ਦੌਰਾਨ ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ। ਰੰਧਾਵਾ ਅਤੇ ਰਾਜਾ ਵੜਿੰਗ ਨਾਲ ਵੀ ਪੁਲਿਸ ਦੀ ਧੱਕਾ-ਮੁੱਕੀ ਹੋਈ।
ਇਹ ਵਿਰੋਧ ਪ੍ਰਦਰਸ਼ਨ ਬਹੁਤ ਸੀਕ੍ਰੇਟ ਰਿਹਾ। ਰਾਹੁਲ ਗਾਂਧੀ ਸਮੇਤ ਸਾਰੇ ਆਗੂਆਂ ਨੇ ਕਾਂਗਰਸ ਪ੍ਰਧਾਨ ਖੜਗੇ ਦੇ ਨਿਵਾਸ ਤੋਂ ਪ੍ਰਧਾਨ ਮੰਤਰੀ ਦੇ ਨਿਵਾਸ ਤੱਕ ਪੈਦਲ ਮਾਰਚ ਕੀਤਾ। ਜਦੋਂ ਇਹ ਲੋਕ 100 ਮੀਟਰ ਦੂਰ ਸਨ ਤਾਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਪਟਿਆਲਾ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਹੋਰ ਰਾਹੁਲ ਗਾਂਧੀ ਦੇ ਨਾਲ ਸੀਜੇਪੀ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।
ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਰਿਹਾਇਸ਼ ਦੇ ਬਾਹਰ ਹਿਰਾਸਤ ਵਿੱਚ ਲਏ ਗਏ ਸੰਸਦ ਮੈਂਬਰਾਂ ਨੂੰ ਕੁਝ ਕਿਲੋਮੀਟਰ ਦੂਰ ਛੱਡ ਦਿੱਤਾ। ਪੰਜਾਬ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਧੱਕਾ ਦਿੱਤਾ ਅਤੇ ਜ਼ਬਰਦਸਤੀ ਲੈ ਗਈ। ਉਨ੍ਹਾਂ ਕਿਹਾ ਕਿ ਜੇ ਪੁਲਿਸ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕਰਦੀ ਏ ਤਾਂ ਉਹ ਬੱਚਿਆਂ ਨਾਲ ਕਿਵੇਂ ਪੇਸ਼ ਆਉਂਦੀ ਹੋਵੇਗੀ।
ਰਿਪੋਰਟਾਂ ਮੁਤਾਬਕ ਕਾਂਗਰਸ ਨੇ ਸੀਕ੍ਰੇਟ ਤੌਰ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਿਵਾਸ ਤੋਂ ਪ੍ਰਧਾਨ ਮੰਤਰੀ ਦੇ ਨਿਵਾਸ ਤੱਕ ਮਾਰਚ ਅਤੇ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਈ ਸੀ। ਅੱਜ (21 ਜੁਲਾਈ) ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ 84ਵਾਂ ਜਨਮਦਿਨ ਹੈ।
ਰਿਪੋਰਟਾਂ ਮੁਤਾਬਕ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਖੜਗੇ ਦੇ ਜਨਮਦਿਨ ਮਨਾਉਣ ਲਈ ਉਨ੍ਹਾਂ ਦੇ ਨਿਵਾਸ ‘ਤੇ ਬੁਲਾਇਆ ਗਿਆ ਸੀ। ਜਦੋਂ ਸਾਰੇ ਉੱਥੇ ਇਕੱਠੇ ਹੋਏ ਤਾਂ ਪ੍ਰਧਾਨ ਮੰਤਰੀ ਦੇ ਨਿਵਾਸ ਵੱਲ ਮਾਰਚ ਕਰਨ ਅਤੇ CJP ਦੇ ਸਮਰਥਨ ਵਿਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ।