- Updated: June 24, 2026 05:10 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀਡੀਓ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਸਿਆਸਤ ਗਰਮਾ ਗਈ ਹੈ। ਦਰਅਸਲ ਇਸ ਮਾਮਲੇ ਸਬੰਧੀ ਪੰਜਾਬ ਕਾਂਗਰਸ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਇਸ ਸਬੰਧੀ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਪਰਗਟ ਸਿੰਘ, ਸੁਖਪਾਲ ਖਹਿਰਾ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਬਾਕੀ ਸਾਰੀਆਂ ਗੱਲਾਂ ਅਸਤੀਫ਼ੇ ਤੋਂ ਬਾਅਦ ਹੋਣਗੀਆਂ। ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ ਮੁੱਖ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਮਣੇ ਪੇਸ਼ ਹੋਣ।
ਵੜਿੰਗ ਨੇ ਕਿਹਾ ਕਿ ਇਸ ਗੁਨਾਹ ਬਾਰੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਅਤੇ ਨਾਮਲੇਵਾ ਸੰਗਤ ਤੋਂ ਮੁਆਫ਼ੀ ਮੰਗਣ। ਵੜਿੰਗ ਨੇ ਦੱਸਿਆ ਕਿ 15 ਜੂਨ ਨੂੰ ਮੁੱਖ ਮੰਤਰੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ 17 ਜੂਨ ਨੂੰ ਸਰਕਾਰ ਦੇ ਦੋ ਅਫ਼ਸਰ ਗੁੜਗਾਓਂ ਚਲੇ ਜਾਂਦੇ ਹਨ ਅਤੇ ਸਭ ਕੁੱਝ ਸੱਚ ਸਾਹਮਣੇ ਆ ਜਾਂਦਾ ਹੈ। ਰਾਜਾ ਵੜਿੰਗ ਨੇ ਇਸ ਮਾਮਲੇ ਨੂੰ ਲੈ ਕੇ ਹਰਿਆਣਾ ਭਾਜਪਾ ਦੀ ਸ਼ਮੂਲੀਅਤ ਦੇ ਵੀ ਇਲਜ਼ਾਮ ਲਾਏ ਹਨ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮੁੱਖ ਮੰਤਰੀ ਦਾ ਬਾਈਕਾਟ ਕਰੇਗੀ ਅਤੇ ਕਾਂਗਰਸ ਦਾ ਕੋਈ ਵੀ ਆਗੂ ਜਾਂ ਵਰਕਰ ਮੁੱਖ ਮੰਤਰੀ ਨਾਲ ਕਿਸੇ ਤਰ੍ਹਾਂ ਦਾ ਕੋਈ ਨਿੱਜੀ ਜਾਂ ਸਿਆਸੀ ਸਬੰਧ ਨਹੀਂ ਰੱਖੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਲਈ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ. ਹੋਣੀ ਚਾਹੀਦੀ ਹੈ। ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਅਸੀਂ ਬੇਅਦਬੀਆਂ ਦੀਆਂ ਘਟਨਾਵਾਂ 'ਤੇ ਇਨਸਾਫ਼ ਦੁਆਵਾਂਗੇ ਪਰ ਮੁੱਖ ਮੰਤਰੀ ਤਾਂ ਖ਼ੁਦ ਕਟਹਿਰੇ 'ਚ ਖੜ੍ਹਾ ਹੋ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਮਾਨਸਿਕਤਾ ਇੱਕੋ ਜਿਹੀ ਹੈ।
ਵੀਡੀਓ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ। 'ਆਪ' ਆਗੂ ਬਲਤੇਜ ਪੰਨੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਮਾਨ ਦੀਆਂ ਫੇਕ ਵੀਡੀਓਜ਼ ਬਣਾਈਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਖ਼ਿਲਾਫ਼ ਵਿਰੋਧੀ ਇਕੱਠੇ ਹੋ ਗਏ ਹਨ।