ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ

ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਸ਼ਨੀਵਾਰ ਨੂੰ ਜਲੰਧਰ ਪਹੁੰਚੇ, ਜਿੱਥੇ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਆਪਣੀ ਇਸ ਫੇਰੀ ਦੌਰਾਨ ਉਹ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਵੀ ਗਏ। ਕੇਵਲ ਸਿੰਘ ਢਿੱਲੋਂ ਨੇ ਹਾਲ ਹੀ 'ਚ ਹੋਈਆਂ ਨਗਰ ਨਿਗਮ ਚੋਣਾਂ ਦੇ ਨਤੀਜਿਆਂ 'ਤੇ ਸਵਾਲ ਚੁੱਕਦਿਆਂ ਸੱਤਾਧਾਰੀ ਧਿਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਇਲਜ਼ਾਮ ਲਾਇਆ ਕਿ ਵੋਟਾਂ ਦੀ ਗਿਣਤੀ ਦੌਰਾਨ ਵੱਡੇ ਪੱਧਰ 'ਤੇ ਧਾਂਦਲੀ ਕੀਤੀ ਗਈ ਹੈ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨਾਲ ਸਮਝੌਤਾ ਕੀਤਾ ਗਿਆ ਹੈ।

ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁੱਖ ਟੀਚਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਭਾਜਪਾ ਦਾ ਪ੍ਰਦਰਸ਼ਨ ਇਤਿਹਾਸਕ ਹੋਵੇਗਾ ਅਤੇ ਵਿਰੋਧੀ ਪਾਰਟੀਆਂ ਦੇ ਹੋਸ਼ ਉਡਾ ਦੇਵੇਗਾ। ਉਨ੍ਹਾਂ ਨੇ ਉਨ੍ਹਾਂ ਸਿਆਸੀ ਵਿਸ਼ਲੇਸ਼ਕਾਂ ਅਤੇ ਵਿਰੋਧੀਆਂ ਨੂੰ ਵੀ ਕਰਾਰਾ ਜਵਾਬ ਦਿੱਤਾ ਜੋ ਇਹ ਕਹਿ ਰਹੇ ਹਨ ਕਿ ਭਾਜਪਾ ਪੰਜਾਬ 'ਚ ਸਿਰਫ਼ ਇਕ-ਦੋ ਸੀਟਾਂ ਤੱਕ ਸੀਮਤ ਰਹਿ ਜਾਵੇਗੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸਾਰੇ ਭਾਜਪਾ ਆਗੂਆਂ ਨੂੰ ਚੋਣ ਤਿਆਰੀਆਂ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ।

ਉਨ੍ਹਾਂ ਨੇ ਭਾਜਪਾ ਆਗੂਆਂ ਨੂੰ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਰਕੇਸ਼ ਰਠੌਰ, ਅਸ਼ੋਕ ਸਰੀਨ ਅਤੇ ਹੋਰ ਵੀ ਭਾਜਪਾ ਆਗੂ ਮੌਜੂਦ ਸਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ 'ਕਮਲ ਖਿੜਾਉਣ' ਅਤੇ ਭਾਜਪਾ ਦੀ ਸਰਕਾਰ ਬਣਾਉਣ ਲਈ ਉਹ ਸਮਾਜ ਦੇ ਸਾਰੇ ਵਰਗਾਂ ਅਤੇ ਨੇਤਾਵਾਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਨੇ ਪਾਰਟੀ ਵਿੱਚ ਇਕਜੁੱਟਤਾ ਬਣਾਈ ਰੱਖਣ ਨੂੰ ਆਪਣੀ ਸਭ ਤੋਂ ਪਹਿਲੀ ਤਰਜੀਹ ਦੱਸਿਆ।