- Updated: July 14, 2026 06:11 PM
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 17 ਜੁਲਾਈ ਨੂੰ ਦੁਪਹਿਰ ਲਗਭਗ 3:00 ਵਜੇ ਅਭਿਲਾਸ਼ੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪੰਜਾਬ ਦੇ ਚਾਰ ਮੁੜ ਵਿਕਸਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ।
ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਖੁਦ ਕਰਨਗੇ, ਜਦਕਿ ਐੱਸ.ਏ.ਐੱਸ. ਨਗਰ (ਮੋਹਾਲੀ) ਰੇਲਵੇ ਸਟੇਸ਼ਨ, ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਅਤੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਵਰਚੁਅਲ ਮਾਧਿਅਮ ਰਾਹੀਂ ਰਾਸ਼ਟਰ ਨੂੰ ਸਮਰਪਿਤ ਕਰਨਗੇ।
ਢਿੱਲੋਂ ਨੇ ਇਸ ਨੂੰ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਲਈ ਇੱਕ ਇਤਿਹਾਸਕ ਪਲ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਅਤੇ ਯਾਤਰੀ-ਅਨੁਕੂਲ ਆਵਾਜਾਈ ਕੇਂਦਰਾਂ ਵਜੋਂ ਵਿਕਸਤ ਕੀਤਾ ਗਿਆ ਹੈ। ਇੱਥੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਥਾਨਕ ਵਿਰਾਸਤ ਅਤੇ ਵਾਸਤੂਕਲਾ ਦੀ ਪਛਾਣ ਨੂੰ ਵੀ ਸੁਰੱਖਿਅਤ ਰੱਖਿਆ ਗਿਆ ਹੈ। ਮੁੜ ਵਿਕਾਸ ਦੇ ਤਹਿਤ ਯਾਤਰੀਆਂ ਲਈ ਬਿਹਤਰ ਸਹੂਲਤਾਂ, ਸੁਗਮ ਪਹੁੰਚ, ਆਧੁਨਿਕ ਉਡੀਕ ਹਾਲ, ਵਿਸ਼ਾਲ ਕਾਂਕੋਰਸ, ਅੱਪਗ੍ਰੇਡ ਕੀਤੇ ਪਲੇਟਫਾਰਮ, ਲਿਫਟਾਂ, ਐਸਕੇਲੇਟਰ ਅਤੇ ਹੋਰ ਯਾਤਰੀ-ਅਨੁਕੂਲ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਭਾਰਤ ਅੱਜ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਿਕਾਸ ਕਰ ਰਹੀਆਂ ਵੱਡੀਆਂ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋ ਗਿਆ ਹੈ। ਪਿਛਲੇ ਇੱਕ ਦਹਾਕੇ ਦੌਰਾਨ ਦੇਸ਼ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਵਿਸ਼ਵ-ਪੱਧਰੀ ਰਾਸ਼ਟਰੀ ਮਾਰਗਾਂ ਅਤੇ ਐਕਸਪ੍ਰੈੱਸਵੇਜ਼, ਆਧੁਨਿਕ ਹਵਾਈ ਅੱਡਿਆਂ, ਅਤਿਆਧੁਨਿਕ ਰੇਲਵੇ ਬੁਨਿਆਦੀ ਢਾਂਚੇ, ਮੈਟਰੋ ਨੈੱਟਵਰਕ, ਲਾਜਿਸਟਿਕਸ ਕੋਰੀਡੋਰਾਂ, ਬੰਦਰਗਾਹਾਂ ਅਤੇ ਡਿਜ਼ਿਟਲ ਕਨੈਕਟੀਵਿਟੀ ਦੇ ਵਿਸਥਾਰ ਲਈ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਵਰਗੀਆਂ ਪਹਿਲਕਦਮੀਆਂ ਰਾਹੀਂ ਭਾਰਤੀ ਰੇਲਵੇ ਦਾ ਕਾਇਆਕਲਪ ਪ੍ਰਧਾਨ ਮੰਤਰੀ ਮੋਦੀ ਦੀ ਵਿਕਸਿਤ, ਮਜ਼ਬੂਤ, ਬਿਹਤਰ ਸੰਪਰਕ ਵਾਲੇ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇਯੋਗ ਭਾਰਤ ਦੇ ਨਿਰਮਾਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਇਹ ਆਰਥਿਕ ਵਿਕਾਸ, ਨਿਵੇਸ਼, ਸੈਰ-ਸਪਾਟੇ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਰਿਹਾ ਹੈ।
ਢਿੱਲੋਂ ਨੇ ਕਿਹਾ ਕਿ ਇਨ੍ਹਾਂ ਚਾਰ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਪੰਜਾਬ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਪ੍ਰਤੀ ਕੇਂਦਰ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰੇਲ, ਸੜਕ ਅਤੇ ਹੋਰ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚ ਲਗਾਤਾਰ ਨਿਵੇਸ਼ ਰਾਹੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।