ਪੰਜਾਬ ''ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੰਜਾਬ ''ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਜਨਾਲਾ ਦੇ ਪਿੰਡ ਲੱਖੂਵਾਲ ਰੋਡ 'ਤੇ ਇੱਕ ਨੌਜਵਾਨ ਦਾ ਭੇਤਭਰੇ ਹਾਲਾਤ 'ਚ ਕਤਲ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸੜਕ ਕਿਨਾਰੇ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਦੇ ਸਪੱਸ਼ਟ ਨਿਸ਼ਾਨ ਮਿਲੇ ਹਨ, ਜਿਸ ਕਾਰਨ ਇਲਾਕੇ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਗਲੇ ਅਤੇ ਮੂੰਹ 'ਤੇ ਡੂੰਘੇ ਕੱਟ ਦੇ ਨਿਸ਼ਾਨ ਸਨ, ਜਿਸ ਤੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਚ. ਓ. ਅਜਨਾਲਾ ਕੁਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐੱਸ. ਐੱਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲੱਖੂਵਾਲ ਰੋਡ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਮਿਲੇ ਹਨ।

ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਵੱਲੋਂ ਕਤਲ ਦੇ ਕਾਰਨਾਂ ਅਤੇ ਦੋਸ਼ੀਆਂ ਤੱਕ ਪਹੁੰਚਣ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਸ ਘਟਨਾ ਨੇ ਪੂਰੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ।