- Updated: November 03, 2026 06:45 PM
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੇ ਕਬਜ਼ੇ ਤੋਂ 12 ਗ਼ੈਰ-ਕਾਨੂੰਨੀ ਪਿਸਤੌਲਾਂ, 2 ਹੱਥਗੋਲੇ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ।
ਡੀਜੀਪੀ ਮੁਤਾਬਕ ਸ਼ੁਰੂਆਤੀ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਡਰੋਨ ਰਾਹੀਂ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਦੇ ਸਨ, ਜਿਸ ਨੂੰ ਫਿਰ ਦੋਸ਼ੀਆਂ ਰਾਹੀਂ ਅੱਗੇ ਅਪਰਾਧਿਕ ਗਤੀਵਿਧੀਆਂ ਲਈ ਪਹੁੰਚਾਇਆ ਜਾਂਦਾ ਸੀ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਇਨ੍ਹਾਂ ਹਥਿਆਰਾਂ ਦੀ ਵਰਤੋਂ ਲੋਕਾਂ ਨੂੰ ਡਰਾਉਣ ਅਤੇ ਪੈਸੇ ਵਸੂਲਣ ਲਈ ਕਰਦੇ ਸਨ। ਜੇਕਰ ਫਿਰੌਤੀ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸਨ, ਤਾਂ ਦੋਸ਼ੀ ਲੋਕਾਂ ਦੇ ਘਰਾਂ ਅਤੇ ਦੁਕਾਨਾਂ ‘ਤੇ ਗੋਲੀਆਂ ਚਲਾਉਂਦੇ ਸਨ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਘਟਨਾਵਾਂ ਵਿੱਚ ਕੌਣ-ਕੌਣ ਲੋਕ ਸ਼ਾਮਲ ਸਨ ਅਤੇ ਹਥਿਆਰ ਕਿੱਥੋਂ ਸਪਲਾਈ ਕੀਤੇ ਜਾ ਰਹੇ ਸਨ।
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿੱਚ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਸਬੰਧਤ ਪੂਰੇ ਨੈੱਟਵਰਕ ਦੇ ਅੱਗੇ-ਪਿੱਛੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।