ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ

ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਅੱਜ ਇਕ ਉੱਚ-ਪੱਧਰੀ ਅੰਤਰਰਾਜੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਨੇ ਕੀਤੀ। ਮੀਟਿੰਗ ਵਿਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ , ਸੀਨੀਅਰ ਪੁਲਸ ਅਧਿਕਾਰੀਆਂ ਅਤੇ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਸਟੇਟ ਨੋਡਲ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਡਰੱਗ ਕੰਟਰੋਲਰਾਂ/ਨੁਮਾਇੰਦਿਆਂ ਦੇ ਨਾਲ BSF, CRPF, RPF, IB, NCB, ANTF ਅਤੇ ਆਬਕਾਰੀ ਤੇ ਕਰ ਵਿਭਾਗ ਦੇ ਨੁਮਾਇੰਦੇ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਕਾਨੂੰਨ-ਵਿਵਸਥਾ ਦੇ ਪ੍ਰਬੰਧਾਂ, ਫਿਰਕੂ ਅਤੇ ਸੰਵੇਦਨਸ਼ੀਲ ਮੁੱਦਿਆਂ, ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰ ਨੈੱਟਵਰਕਾਂ ਦੀ ਨਿਗਰਾਨੀ, ਸਰਹੱਦੀ ਚੌਕਸੀ ਮਜ਼ਬੂਤ ਕਰਨ, ਡਰੋਨ ਗਤੀਵਿਧੀਆਂ 'ਤੇ ਨਜ਼ਰ ਰੱਖਣ, ਸਾਂਝੇ ਆਪ੍ਰੇਸ਼ਨ ਚਲਾਉਣ ਅਤੇ ਨਸ਼ੀਲੇ ਪਦਾਰਥਾਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ ਅਤੇ ਵਿਸਫੋਟਕਾਂ ਦੀ ਅੰਤਰਰਾਜੀ ਤਸਕਰੀ ਨੂੰ ਰੋਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਤੋਂ ਇਲਾਵਾ ਉੱਭਰ ਰਹੇ ਸੁਰੱਖਿਆ ਖਤਰਿਆਂ ਨਾਲ ਨਜਿੱਠਣ ਲਈ ਰੀਅਲ-ਟਾਈਮ ਖੁਫੀਆ ਜਾਣਕਾਰੀ ਸਾਂਝੀ ਕਰਨ, ਵੱਖ-ਵੱਖ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ, ਸਰਹੱਦਾਂ 'ਤੇ ਚੌਕਸੀ ਵਧਾਉਣ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਫੀਲਡ ਅਧਿਕਾਰੀਆਂ ਵਿਚਾਲੇ ਪ੍ਰਭਾਵਸ਼ਾਲੀ ਸੰਚਾਰ ਪ੍ਰਣਾਲੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਲੋੜ ਪੈਣ 'ਤੇ ਤੁਰੰਤ ਅਤੇ ਸਾਂਝੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਪ੍ਰਸ਼ਾਸਨ ਵੱਲੋਂ ਅਮਨ-ਸ਼ਾਂਤੀ ਕਾਇਮ ਰੱਖਣ, ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨ ਅਤੇ ਆਜ਼ਾਦ, ਨਿਰਪੱਖ ਤੇ ਸ਼ਾਂਤੀਪੂਰਨ ਚੋਣਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਵਾਸਤੇ ਵਚਨਬੱਧਤਾ ਨੂੰ ਦੁਹਾਰਇਆ ਗਿਆ।