- Updated: August 20, 2026 06:52 PM
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦੇ ਕੀਤੇ ਐਲਾਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਅਮਲਾਲਾ ਨੇ ਕੀਤੀ। ਇਸ ਦੌਰਾਨ ਪੰਜਾਬ ਬੰਦ ਦੇ ਐਲਾਨ, ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਅਤੇ ਕਿਸਾਨ ਜਥੇਬੰਦੀਆਂ ਦੀ ਭੂਮਿਕਾ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਦਾ ਮਾਮਲਾ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਅਨੁਸਾਰ ਯੋਗ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਅਮਲਾਲਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਹਮੇਸ਼ਾ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਆਵਾਜ਼ ਉਠਾਉਂਦੀਆਂ ਰਹੀਆਂ ਹਨ। ਮੀਟਿੰਗ ਵਿਚ 21 ਅਗਸਤ ਨੂੰ ਹੋਣ ਵਾਲੇ ਪੰਜਾਬ ਬੰਦ ਸਬੰਧੀ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਅਗਲੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਕਾਰਜਕਾਰੀ ਪ੍ਰਧਾਨ ਹਰਿ ਸਿੰਘ ਬਹੋੜਾ, ਰਣਜੀਤ ਸਿੰਘ ਰਾਣਾ, ਜਗਤਾਰ ਸਿੰਘ ਝਰਮੜੀ, ਗੁਰਪਾਲ ਸਿੰਘ, ਧਰਮ ਸਿੰਘ ਦੱਪਰ ਅਤੇ ਕੇਹਰ ਸਿੰਘ ਚੜਿਆਲਾ ਸਮੇਤ ਹੋਰ ਆਗੂ ਤੇ ਮੈਂਬਰ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿੱਚ ਆਗੂਆਂ ਨੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਆਪਸੀ ਤਾਲਮੇਲ ਬਣਾਈ ਰੱਖਣ ’ਤੇ ਜ਼ੋਰ ਦਿੱਤਾ।