- Updated: August 26, 2025 04:58 PM
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਨੂੰ ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵਾਲੇ ਹਾਦਸੇ ਦੇ ਮਾਮਲੇ 'ਚ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਅਮਰੀਕਾ ਵਿਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਲਈ ਉਨ੍ਹਾਂ ਨੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।
ਅਮਰੀਕਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਮੈਂ ਵਿਦੇਸ਼ ਮਾਮਲੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।
ਅਸ਼ਵਨੀ ਸ਼ਰਮਾ ਨੇ ਆਪਣੀ ਚਿੱਠੀ ਵਿੱਚ ਵਿਦੇਸ਼ ਮਾਮਲੇ ਮੰਤਰੀ ਕੋਲ ਤਿੰਨ ਮੁੱਖ ਮੰਗਾਂ ਰੱਖੀਆਂ ਹਨ। ਉਨ੍ਹਾਂ ਲਿਖਿਆ ਕਿ ਅਮਰੀਕਾ ਸਰਕਾਰ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਕ ਘਟਨਾ ਲਈ ਪੂਰੀ ਕਮਿਊਨਿਟੀ ਨੂੰ ਸਜ਼ਾ ਨਾ ਦਿੱਤੀ ਜਾਵੇ। ਇਸ ਦੇ ਨਾਲ ਹੀ ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ 'ਤੇ ਮੁੜ ਵਿਚਾਰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਸ ਦਾ ਕੇਸ ਨਿਆਂਸੰਗਤ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਿਆ ਜਾ ਸਕੇ।