- Updated: March 09, 2023 04:10 PM
ਪੰਜਾਬ ਵਿਧਾਨ ਸਭਾ 'ਚ ਭਲਕੇ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਤਹਿਤ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸੈਕਟਰ-37 ਮੁੱਖ ਦਫ਼ਤਰ ਤੋਂ ਪੈਦਲ ਮਾਰਚ ਕਰਦੇ ਹੋਏ ਵਿਧਾਨ ਸਭਾ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਭਾਜਪਾ ਆਗੂਆਂ ਨੇ ਕਿਹਾ ਕਿ ਇਹ ਵਿਰੋਧ ਪ੍ਰਦਰਸ਼ਨ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਆਮ ਜਨਤਾ ਦੀ ਆਵਾਜ਼ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਇਹ ਕਦਮ ਚੁੱਕ ਰਹੇ ਹਾਂ।

ਵਿਧਾਨ ਸਭਾ ਘੇਰਨ ਜਾਂਦੇ ਭਾਜਪਾ ਆਗੂਆਂ ਅਤੇ ਕਾਰਕੁੰਨਾਂ 'ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆਂ। ਭਾਜਪਾ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਸ ਨੇ ਕਈ ਭਾਜਪਾ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਹੈ।