- Updated: July 16, 2026 05:35 PM
ਪੰਜਾਬ ਕਾਂਗਰਸ ਦੀ ਸਿਆਸਤ ਵਿਚ ਚੱਲ ਰਹੀਆਂ ਸਰਗਰਮੀਆਂ ਦੇ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਿੱਲੀ ਪਹੁੰਚ ਚੁੱਕੇ ਹਨ, ਜਿੱਥੇ ਕਾਂਗਰਸ ਹਾਈਕਮਾਂਡ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਵੇਲੇ ਚੰਨੀ ਧੜੇ ਦੇ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਚੰਨੀ ਅਤੇ ਰੰਧਾਵਾ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਰਾਜਸਥਾਨ ਤੋਂ ਰਾਜ ਸਭਾ ਮੈਂਬਰ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪਾਰਟੀ ਦੀ ਮੌਜੂਦਾ ਸਥਿਤੀ, ਸੰਗਠਨਕ ਮਜ਼ਬੂਤੀ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਨੂੰ ਲੈ ਕੇ ਅਹਿਮ ਮੰਨੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਵਿੱਚ ਭਰੋਸਾ ਬਣਾਈ ਰੱਖਣ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਕਾਂਗਰਸ ਨੂੰ ਮਜ਼ਬੂਤ ਵਿਰੋਧੀ ਧਿਰ ਵਜੋਂ ਪੇਸ਼ ਕਰਨ ਦੇ ਮੁੱਦੇ 'ਤੇ ਵੀ ਚਰਚਾ ਹੋਈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਨ ਪੰਜਾਬ ਇਕਾਈ ਵਿੱਚ ਏਕਤਾ ਬਣਾਈ ਰੱਖਣ ਅਤੇ ਧੜੇਬੰਦੀ ਨੂੰ ਖਤਮ ਕਰਨ ਲਈ ਲਗਾਤਾਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ। ਇਸੇ ਕੜੀ ਵਿੱਚ ਰੰਧਾਵਾ ਅਤੇ ਚੰਨੀ ਦੀ ਸੁਰਜੇਵਾਲਾ ਨਾਲ ਇਹ ਮੁਲਾਕਾਤ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਨ ਦੀ ਤਰਜੀਹ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਕੇ ਵਰਕਰਾਂ ਨੂੰ ਇਕਜੁੱਟ ਕਰਨਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਹੈ। ਮੀਟਿੰਗ ਦੌਰਾਨ ਭਵਿੱਖ ਦੀਆਂ ਸੰਗਠਨਕ ਗਤੀਵਿਧੀਆਂ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਲੈ ਕੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਇੱਕੋ ਗੱਡੀ ਵਿਚ ਸਵਾਰ ਹੋ ਕੇ ਦਿੱਲੀ ਵਿਖੇ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਦੌਰਾਨ ਦੋਨੋਂ ਆਗੂਆਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।