ਪੰਜਾਬ ਸਰਕਾਰ ਦਾ ਅੰਮ੍ਰਿਤਸਰ ਜ਼ਿਲ੍ਹੇ ਲਈ ਵੱਡਾ ਐਲਾਨ, ਖੁੱਲਣਗੇ 15 ਹੋਰ ਨਵੇਂ ਸਕੂਲ

ਪੰਜਾਬ ਸਰਕਾਰ ਦਾ ਅੰਮ੍ਰਿਤਸਰ ਜ਼ਿਲ੍ਹੇ ਲਈ ਵੱਡਾ ਐਲਾਨ, ਖੁੱਲਣਗੇ 15 ਹੋਰ ਨਵੇਂ ਸਕੂਲ

ਪੰਜਾਬ ਸਰਕਾਰ ਵੱਲੋਂ ਉਸਾਰੇ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਛੇਹਰਟਾ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਤੌਰ ’ਤੇ ਪੁੱਜੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖ਼ੇਤਰ ਵਿਚ ਅੱਵਲ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਸਾਡੀ ਬਦਕਿਸਮਤੀ ਸੀ ਕਿ ਸਰਕਾਰੀ ਸਕੂਲ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਅਹਿਮ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ, ਜਿਸ ਨਾਲ ਸਾਡੇ ਲੱਖਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਇਥੋਂ ਤੱਕ ਕਿ ਬਹੁਤ ਸਾਰੇ ਬੱਚਿਆਂ ਨੂੰ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ।

ਸਰਕਾਰੀ ਸਕੂਲ ਦੇ ਦੌਰੇ ਮੌਕੇ ਡਾ. ਜਸਬੀਰ ਸਿੰਘ ਐੱਮ. ਐੱਲ. ਏ. ਹਲਕਾ ਪੱਛਮੀ, ਡੀ. ਸੀ. ਅੰਮ੍ਰਿਤਸਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਵੀ ਨਾਲ ਸਨ। ਸਿੱਖਿਆ ਮੰਤਰੀ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਆਪ ਪਾਰਟੀ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪਹਿਲ ਦੇ ਆਧਾਰ ’ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵੱਧ ਸਕੇ ਅਤੇ ਇਹ ਚੀਜ਼ ਸਾਬਾਤ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਨਾਲੋਂ ਕੀਤੇ ਜ਼ਿਆਦਾ ਸਹੂਲਤਾਂ ਬੱਚਿਆ ਨੂੰ ਮਿਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਦੇ ਟਾਇਮ ’ਚ ਸਰਕਾਰੀ ਸਕੂਲਾਂ ਦੀ ਪੜ੍ਹਾਈ ਪ੍ਰਾਈਵੇਟ ਸਕੂਲਾਂ ਦੀ ਪੜ੍ਹਾਈ ਤੋਂ ਕੀਤੇ ਜ਼ਿਆਦਾ ਬਿਹਤਰ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਾਲ ਵਿਚ ਅੰਮ੍ਰਿਤਸਰ ਵਿਚ 15 ਸਕੂਲ ਹੋਰ ਬਣਾਏ ਜਾਣਗੇ, ਜੋ ਕਿ ਪ੍ਰਾਈਵੇਟ ਸਕੂਲਾ ਨੂੰ ਵੀ ਪਿਛੇ ਛੱਡ ਜਾਣਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਉਚ ਸਿੱਖਿਆ, ਵਧੀਆ ਲੈਬ, ਬੱਚਿਆਂ ਦੇ ਖੇਡਣ ਲਈ ਗਰਾਊਂਡ ਅਤੇ ਉੱਚ ਸਿੱਖਿਆ ਪ੍ਰਾਪਤ ਕੀਤੇ ਹੋਏ ਅਧਿਆਪਕ ਹੋਣਗੇ। ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ, ਰਿਵਾਇਤੀ ਪਾਰਟੀ ਵਾਂਗ ਨਹੀਂ ਕਿ ਚੋਣਾਂ ਦੌਰਾਨ ਜਨਤਾ ਨਾਲ ਝੂਠ ਬੋਲ ਕੇ ਸੱਤਾ ਵਿਚ ਆ ਜਾਣਾ ਅਤੇ ਫਿਰ 4 ਸਾਲ ਜਨਤਾ ਨੂੰ ਆਪਣਾ ਮੂੰਹ ਹੀ ਨਾ ਦਿਖਾਉਣਾ। ਉਨ੍ਹਾਂ ਕਿਹਾ ਪੰਜਾਬ ਦੀ ਆਪ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ ਅਤੇ ਪੰਜਾਬ ਦੀ ਜਨਤਾ ਦੇ ਹੱਕਾਂ ਲਈ ਹੀ ਕੰਮ ਕਰਦੀ ਰਹੇਗੀ।