- Updated: October 12, 2026 07:10 PM
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਵਿਚ 26 ਸਾਲਾ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਸਾਥੀ ਨਾਲ ਪਿੰਡ ਵਿਚ ਲੱਗੀ ਮੋਮੋਜ਼ ਦੀ ਰੇਹੜੀ 'ਤੇ ਮੋਮੋਜ਼ ਖਾਣ ਗਿਆ ਸੀ। ਇਸੇ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋ ਗਿਆ, ਜੋ ਵੇਖਦਿਆਂ ਹੀ ਵੇਖਦਿਆਂ ਖ਼ੂਨੀ ਝੜਪ ਵਿਚ ਬਦਲ ਗਿਆ। ਦੋਸ਼ ਹੈ ਕਿ ਇਸ ਦੌਰਾਨ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪੂਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਪੁਲਸ ਨੇ ਮਾਮਲੇ ਵਿਚ ਦੋ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਪਿੰਡ ਚੱਕ ਪੱਖੀ ਦੇ ਰਹਿਣ ਵਾਲੇ ਜਗਮੀਤ ਸਿੰਘ (26) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਲੱਖਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੀਤੀ ਸ਼ਾਮ ਪਿੰਡ ਵਿਚ ਮੋਮੋਜ਼ ਦੀ ਰੇਹੜੀ 'ਤੇ ਮੋਮੋਜ਼ ਖਾਣ ਗਿਆ ਸੀ। ਉੱਥੇ ਰੇਹੜੀ ਲਗਾਉਣ ਵਾਲੇ ਲੋਕਾਂ ਨਾਲ ਉਸ ਦਾ ਵਿਵਾਦ ਹੋ ਗਿਆ। ਜਦੋਂ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਮੌਕੇ 'ਤੇ ਪਹੁੰਚੇ ਅਤੇ ਆਪਣੇ ਪੁੱਤਰ ਨੂੰ ਬਚਾਉਣ ਦਾ ਯਤਨ ਕੀਤਾ। ਪਰ, ਉਨ੍ਹਾਂ ਦੇ ਦੋਸ਼ ਮੁਤਾਬਕ, ਇਸ ਦੌਰਾਨ ਮੁਲਜ਼ਮਾਂ ਨੇ ਉਨ੍ਹਾਂ ਦੇ ਪੁੱਤਰ 'ਤੇ ਚਾਕੂ ਨਾਲ ਵਾਰ ਕਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਪਰਿਵਾਰ ਅਨੁਸਾਰ, ਜਗਮੀਤ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਅਤੇ ਪੁਰਾਣੇ ਮੋਟਰਸਾਈਕਲ ਖ਼ਰੀਦਣ-ਵੇਚਣ ਦਾ ਕੰਮ ਕਰਦਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਧੀਆਂ ਛੱਡ ਗਿਆ ਹੈ। ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪੁਲਸ ਤੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਉਹ ਜਗਮੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਮਾਮਲੇ ਨੂੰ ਲੈ ਕੇ ਪੁਲਸ ਅਧਿਕਾਰੀ ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਜਗਮੀਤ ਸਿੰਘ ਆਪਣੇ ਸਾਥੀ ਬੇਅੰਤ ਸਿੰਘ ਨਾਲ ਮੋਮੋਜ਼ ਖਾਣ ਲਈ ਰੇਹੜੀ 'ਤੇ ਗਿਆ ਸੀ। ਉੱਥੇ ਕੁੱਝ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ, ਜਿਸ ਦੌਰਾਨ ਜਗਮੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ। ਪੁਲਸ ਅਨੁਸਾਰ, ਮੋਮੋਜ਼ ਦੀ ਪਲੇਟ ਦੇ ਪੈਸਿਆਂ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਗੰਭੀਰ ਵਾਰਦਾਤ ਵਿਚ ਬਦਲ ਗਿਆ। ਫਿਲਹਾਲ ਪੁਲਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅੱਗੇ ਦੀ ਤਫ਼ਤੀਸ਼ ਕੀਤੀ ਜਾਵੇਗੀ।