- Updated: August 01, 2026 06:43 PM
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਸੰਗਠਿਤ ਅਪਰਾਧਿਕ ਗਠਜੋੜ ਦਾ ਪਰਦਾਫਾਸ਼ ਕਰਕੇ ਇੱਕ ਕਾਰਕੁਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਮੁਲਜ਼ਮ ਕੋਲੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਸਰਹੱਦ ਪਾਰ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਹ ਕਥਿਤ ਤੌਰ 'ਤੇ ਸਰਹੱਦੀ ਖੇਤਰ ਵਿੱਚ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਅਤੇ ਪੰਜਾਬ ਭਰ ਵਿੱਚ ਹੋਰ ਪਾਰਟੀਆਂ ਨੂੰ ਪਹੁੰਚਾਉਣ ਵਿੱਚ ਸ਼ਾਮਲ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ, ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਪਹਿਲਾਂ ਬੇਨਕਾਬ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲਾਂ ਨਾਲ ਸੰਭਾਵਿਤ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
