- Updated: July 25, 2026 02:32 PM
ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਪੰਜਾਬ ਪੁਲਸ ਦੇ ਏਐਸਆਈ ਅਮਰੀਕ ਸਿੰਘ ਦੀ ਦੇਰ ਸ਼ਾਮ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਤਾਇਨਾਤ ਸੀ ਅਤੇ ਡਿਊਟੀ ਤੋਂ ਪਰਤਦੇ ਸਮੇਂ ਕਲਾਨੌਰ ਦੇ ਬਾਹਰਵਾਰ ਇਹ ਹਾਦਸਾ ਵਾਪਰ ਗਿਆ। ਇਸ ਮਾਮਲੇ 'ਚ ਥਾਣਾ ਕਲਾਨੌਰ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।
ਥਾਣਾ ਕਲਾਨੌਰ ਦੇ ਐਸਐਚਓ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਜਾਣਕਾਰੀ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਨੇ ਆਪਣੇ ਬਿਆਨ ਵਿੱਚ ਦਿੱਤੀ। ਉਸ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਏਐਸਆਈ ਅਮਰੀਕ ਸਿੰਘ ਡਿਊਟੀ ਤੋਂ ਘਰ ਪਰਤ ਰਿਹਾ ਸੀ ਤਾਂ ਕਲਾਨੌਰ ਦੇ ਬਾਹਰਵਾਰ ਕੋਟਲੀ ਸੂਰਤ ਮੱਲੀ ਰੋਡ ’ਤੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਅਣਪਛਾਤੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏ.ਐਸ.ਆਈ ਅਮਰੀਕ ਸਿੰਘ ਦੀ ਲਾਸ਼ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।