- Updated: May 12, 2025 06:27 PM
ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਇਕ ਮਹਿਲਾ ਸਬ-ਇੰਸਪੈਕਟਰ ਨੂੰ ਕਿਤੇ ਕਰਮਾਂ ਦੀ ਸਜ਼ਾ ਮਿਲੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਪੰਜਾਬ ਪੁਲਸ ਦੀ ਇੱਕ ਮਹਿਲਾ ਸਬ-ਇੰਸਪੈਕਟਰ (ਐੱਸਆਈ) ਨੂੰ 10 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਔਰਤ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਸਜ਼ਾ ਸੁਣਾਈ ਗਈ ਹੈ। ਜੇਕਰ ਜੁਰਮਾਨੇ ਦੀ ਰਕਮ ਜਮ੍ਹਾ ਨਹੀਂ ਕਰਵਾਈ ਜਾਂਦੀ, ਤਾਂ ਦੋਸ਼ੀ ਨੂੰ ਤਿੰਨ ਮਹੀਨੇ ਦੀ ਵਾਧੂ ਕੈਦ ਭੁਗਤਣੀ ਪਵੇਗੀ। ਅਦਾਲਤ ਨੇ ਕਿਹਾ ਕਿ ਸਬ ਇੰਸਪੈਕਟਰ ਸੰਦੀਪ ਕੌਰ ਦਾ ਕੰਮ ਅਪਰਾਧ ਨੂੰ ਰੋਕਣਾ ਸੀ ਜਦੋਂ ਕਿ ਉਹ ਖੁਦ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਈ।
10 ਅਕਤੂਬਰ, 2020 ਨੂੰ, ਮੋਹਕਮਪੁਰਾ ਥਾਣੇ ਦੀ ਪੁਲਸ ਨੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਵਿੱਚ ਤਾਇਨਾਤ ਸਬ ਇੰਸਪੈਕਟਰ ਸੰਦੀਪ ਕੌਰ ਵਿਰੁੱਧ ਇੱਕ ਵਿਅਕਤੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਜੰਡਿਆਲਾ ਗੁਰੂ ਥਾਣੇ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਦੇ ਰਹਿਣ ਵਾਲੇ ਵਿਕਰਮਜੀਤ ਸਿੰਘ ਦਾ ਐੱਸਆਈ ਸੰਦੀਪ ਕੌਰ ਨਾਲ ਕਥਿਤ ਪ੍ਰੇਮ ਸਬੰਧ ਸੀ। ਵਿਕਰਮਜੀਤ ਪੇਸ਼ੇ ਤੋਂ ਇੱਕ ਕਮਿਸ਼ਨ ਏਜੰਟ ਸੀ। ਦੋਵੇਂ ਇੱਕ ਦੂਜੇ ਨੂੰ ਮਿਲਦੇ ਰਹਿੰਦੇ ਸਨ, ਪਰ ਕੁਝ ਦਿਨ ਤੋਂ ਸੰਦੀਪ ਕੌਰ ਵਿਕਰਮਜੀਤ ਨੂੰ ਬਲੈਕਮੇਲ ਕਰ ਰਹੀ ਸੀ। ਉਹ ਉਸਨੂੰ ਉਸਦੇ ਇੱਕ ਹੋਰ ਸਾਥੀ ਦਾ ਕਤਲ ਕਰਨ ਲਈ ਵੀ ਉਕਸਾ ਰਹੀ ਸੀ। ਵਿਕਰਮਜੀਤ ਲਗਾਤਾਰ ਉਸਦਾ ਵਿਰੋਧ ਕਰ ਰਿਹਾ ਸੀ।
ਘਟਨਾ ਵਾਲੇ ਦਿਨ, ਦੋਵੇਂ ਮੋਹਕਮਪੁਰਾ ਦੇ ਇੱਕ ਹੋਟਲ ਦੇ ਕਮਰੇ ਵਿੱਚ ਮਿਲੇ ਸਨ। ਸੰਦੀਪ ਕੌਰ ਕੁਝ ਸਮਾਂ ਉੱਥੇ ਰਹਿਣ ਤੋਂ ਬਾਅਦ ਚਲੀ ਗਈ ਅਤੇ ਵਿਕਰਮਜੀਤ ਨੇ ਹੋਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸਬ-ਇੰਸਪੈਕਟਰ ਵਿਰੁੱਧ ਮਾਮਲਾ ਦਰਜ ਕਰ ਲਿਆ ਸੀ। ਉਸੇ ਰਾਤ, ਵਿਕਰਮਜੀਤ ਦੀ ਪਤਨੀ ਸੁਖਬੀਰ ਕੌਰ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜੰਡਿਆਲਾ ਥਾਣੇ ਦੀ ਪੁਲਸ ਨੇ ਸੰਦੀਪ ਕੌਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਸੀ। ਮਹਿਲਾ ਐੱਸਆਈ ਵਿਰੁੱਧ ਦੋਸ਼ ਸਾਬਤ ਹੋਣ ਤੋਂ ਬਾਅਦ ਅਦਾਲਤ ਨੇ ਸੰਦੀਪ ਕੌਰ ਨੂੰ ਦੋਸ਼ੀ ਕਰਾਰ ਦਿੱਤਾ ਹੈ।