- Updated: November 16, 2026 06:59 PM
ਗੁਰਦਾਸਪੁਰ 'ਚ ਪੰਜਾਬ ਪੁਲਸ ਦੇ ਇੱਕ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮੁਲਾਜ਼ਮ ਦੀ ਮੌਤ ਗੋਲੀ ਲੱਗਣ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਸੁਜਾਨਪੁਰ ਥਾਣੇ ਵਿੱਚ ਡਿਊਟੀ ਕਰਦਾ ਸੀ ਅਤੇ ਕੋਰਸ ਕਰਨ ਲਈ ਜਹਾਨ ਖੇਲਾਂ, ਹੁਸ਼ਿਆਰਪੁਰ ਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਉਸ ਦੇ ਪੁੱਤਰ ਨਾਲ ਕੀ ਵਾਪਰਿਆ। ਪਰਿਵਾਰ ਨੂੰ ਖਦਸ਼ਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਗੋਲੀ ਮਾਰੀ ਗਈ ਹੈ। ਵਿਨੋਦ ਕੁਮਾਰ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਿਆ ਹੈ। ਉਸ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਹੈੱਡ ਕਾਂਸਟੇਬਲ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ।