- Updated: October 08, 2025 05:21 PM
ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ 80 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਅੰਤਰਰਾਸ਼ਟਰੀ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗ੍ਰਿਫਤਾਰ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਆਰੰਭ ਕਰ ਦਿੱਤੀ ਹੈ ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇਲਾਕੇ ਵਿਚ ਦੋ ਨਸ਼ਾ ਸਮਗਲਰ ਜਿਸ ਦੇ ਸੰਬੰਧ ਗੁਆਂਢੀ ਦੇਸ਼ ਪਾਕਿਸਤਾਨ ਨਾਲ ਹਨ ਵੱਲੋਂ ਇਲਾਕੇ ਵਿਚ ਵੱਡੀ ਨਸ਼ੇ ਦੀ ਖੇਪ ਲੈ ਕੇ ਘੁੰਮ ਰਹੇ ਹਨ।
ਇਸ ਦੇ ਚੱਲਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਰਵਜੋਤ ਗਰੇਵਾਲ ਵੱਲੋਂ ਦਿੱਤੇ ਗਏ ਆਦੇਸ਼ਾਂ ਦੇ ਤਹਿਤ ਪੁਲਸ ਵੱਲੋਂ ਨਾਕਾਬੰਦੀ ਕਰਦੇ ਹੋਏ ਦੋਵਾਂ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿਨ੍ਹਾਂ ਪਾਸੋਂ 16 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 80 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ।