Punjab: ਪੁਲਸ ਨੇ ਵਧਾਈ ਸਖ਼ਤੀ, ਥਾਂ-ਥਾਂ ਲਗਾਏ ਨਾਕੇ

Punjab: ਪੁਲਸ ਨੇ ਵਧਾਈ ਸਖ਼ਤੀ, ਥਾਂ-ਥਾਂ ਲਗਾਏ ਨਾਕੇ

ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਮਾਨਸਾ ਪੁਲਸ ਵੱਲੋਂ ਚੌਕਸੀ ਦਾ ਦਾਇਰਾ ਵਧਾਇਆ ਗਿਆ ਹੈ। ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਮਾਨਸਾ ਪੁਲਸ ਵੱਲੋਂ ਕਾਨੂੰਨ ਵਿਵਸਥਾ, ਲੋਕਾਂ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਲਗਾਤਾਰ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ। ਐੱਸ.ਐੱਸ.ਪੀ. ਵੈਭਵ ਚੌਧਰੀ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲੇ ’ਚ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਵਾਲਿਆਂ ਲਈ ਕੋਈ ਥਾਂ ਨਹੀਂ ਹੋਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਸ ਮੁਲਾਜ਼ਮ ਦਿਨ-ਰਾਤ ਆਪਣੀ ਡਿਊਟੀ ਨਿਭਾਅ ਰਹੇ ਹਨ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ. ਨੇ ਦੱਸਿਆ ਕਿ ਉਹ ਖੁਦ ਵੀ ਦਿਨ ਅਤੇ ਰਾਤ ਸਮੇਂ ਪੁਲਸ ਨਾਕਿਆਂ, ਥਾਣਿਆਂ ਅਤੇ ਹੋਰ ਡਿਊਟੀਆਂ ਦੀ ਅਚਨਚੇਤ ਚੈਕਿੰਗ ਕਰਦੇ ਰਹਿਣਗੇ। ਇਸ ਦਾ ਮਕਸਦ ਪੁਲਸ ਫੋਰਸ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰਨਾ, ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਦੀ ਚੌਕਸੀ ਯਕੀਨੀ ਬਣਾਉਣਾ ਅਤੇ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਡਿਊਟੀ ’ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨੂੰ ਅਣਦੇਖਾ ਨਹੀਂ ਕੀਤਾ ਜਾਵੇਗਾ ਅਤੇ ਹਰ ਮੁਲਾਜ਼ਮ ਨੂੰ ਆਪਣੀ ਜ਼ਿੰਮੇਵਾਰੀ ਈਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮਾਨਸਾ ਜ਼ਿਲੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ’ਚ ਕੋਈ ਸ਼ੱਕੀ ਗਤੀਵਿਧੀ, ਕਾਨੂੰਨ ਵਿਰੁੱਧ ਕਾਰਵਾਈ ਜਾਂ ਅਮਨ-ਸ਼ਾਂਤੀ ਨੂੰ ਪ੍ਰਭਾਵਿਤ ਕਰਨ ਵਾਲੀ ਜਾਣਕਾਰੀ ਆਉਂਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ।

ਆਧੁਨਿਕ ਸਾਧਨਾਂ ਨਾਲ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ

ਉਧਰ ਬਰੇਟਾ ਪੁਲਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਆਧੁਨਿਕ ਸਾਧਨਾਂ ਰਾਹੀਂ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਸ ਵੱਲੋਂ ਹੋਟਲਾਂ ਅਤੇ ਹੋਰ ਠਹਿਰਾਅ ਵਾਲੀਆਂ ਥਾਵਾਂ ’ਤੇ ਰਹਿ ਰਹੇ ਵਿਅਕਤੀਆਂ ਦੀ ਪਛਾਣ ਅਤੇ ਰਿਕਾਰਡ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵਿਅਕਤੀ ਵੱਲੋਂ ਗਲਤ ਪਛਾਣ ਜਾਂ ਗਲਤ ਜਾਣਕਾਰੀ ਦੇ ਕੇ ਕਿਸੇ ਗੈਰ-ਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸੰਭਾਵਨਾ ਨੂੰ ਰੋਕਿਆ ਜਾ ਸਕੇ। ਥਾਣਾ ਬਰੇਟਾ ਦੇ ਮੁਖੀ ਦਿਨੇਸ਼ਵਰ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਸ ਵੱਲੋਂ ਰਾਤ ਸਮੇਂ ਅਚਨਚੇਤ ਚੈਕਿੰਗ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਹੋਟਲਾਂ ’ਚ ਠਹਿਰਣ ਵਾਲੇ ਲੋਕਾਂ ਦੀ ਪਛਾਣ ਦੀ ਤਸਦੀਕ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਇਹ ਚੌਕਸੀ ਕਿਸੇ ਇਕ ਵਰਗ ਤਕ ਸੀਮਤ ਨਹੀਂ, ਸਗੋਂ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰੱਖਣ ਅਤੇ ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਜਾਰੀ ਰਹੇਗੀ।

ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਕੀਤੀ ਚੈਕਿੰਗ

ਝੁਨੀਰ/ ਮਾਨਸਾ,(ਸੰਦੀਪ ਮਿੱਤਲ) : ਝੁਨੀਰ ਪੁਲਸ ਵੱਲੋਂ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਰਾਤ ਸਮੇਂ ਵਿਸ਼ੇਸ਼ ਗਸ਼ਤ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਸ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ ਗਏ। ਥਾਣਾ ਝੁਨੀਰ ਦੇ ਮੁਖੀ ਭੁਪਿੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਸ ਵੱਲੋਂ ਕੀਤੀ ਜਾ ਰਹੀ ਰਾਤ ਸਮੇਂ ਗਸ਼ਤ ਅਤੇ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ ਰਹੇਗੀ।

ਕਾਨੂੰਨ ਦੀ ਉਲੰਘਣਾ ਕਰਨ ਵਾਲੇ ਬਖਸ਼ਿਆ ਨਹੀਂ ਜਾਵੇਗਾ : ਥਾਣਾ ਮੁਖੀ

ਜ਼ਿਲਾ ਪੁਲਸ ਮੁਖੀ ਵੈਭਵ ਚੌਧਰੀ ਦੇ ਸਖਤ ਦਿਸ਼ਾ-ਨਿਰਦੇਸ਼ਾਂ ਤਹਿਤ ਬੋਹਾ ਪੁਲਸ ਵੱਲੋਂ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਚੌਕਸੀ ਵਧਾ ਦਿੱਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਬੋਹਾ ਦੇ ਮੁਖੀ ਐੱਸ. ਐੱਚ. ਓ. ਭਗਵੰਤ ਸਿੰਘ ਨੇ ਕਿਹਾ ਕਿ ਇਲਾਕੇ ’ਚ ਨਸ਼ਾ ਸਮੱਗਲਿੰਗ, ਲੁੱਟ-ਖੋਹ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਥਾਣਾ ਮੁਖੀ ਨੇ ਦੱਸਿਆ ਕਿ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦਿਆਂ ਪੁਲਸ ਟੀਮਾਂ ਵੱਲੋਂ ਦਿਨ-ਰਾਤ ਵੱਖ-ਵੱਖ ਥਾਵਾਂ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।