- Updated: April 17, 2026 07:00 PM
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਹੁਣੇ ਤੋਂ ਹੀ ਕਮਰ ਕੱਸ ਲਈ ਹੈ। ਇਸੇ ਸਿਲਸਿਲੇ ਵਿਚ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸਿਆਸੀ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕੀਤੀ। ਇਸ ਮੀਟਿੰਗ ਨੂੰ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਤੈਅ ਕਰਨ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਮੰਨਿਆ ਜਾ ਰਹੀ ਹੈ। ਇਸ ਬੈਠਕ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਵਰਗੇ ਦਿੱਗਜ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ 2027 ਦੀਆਂ ਚੋਣਾਂ ਦੇ ਰੋਡਮੈਪ ਅਤੇ ਪਾਰਟੀ ਦੀ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਵੀ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਸੂਤਰਾਂ ਅਨੁਸਾਰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਿਰਫ਼ ਉਸੇ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ ਜੋ ਜਿੱਤਣ ਦੀ ਸਮਰੱਥਾ ਰੱਖਦਾ ਹੋਵੇਗਾ। ਇਸ ਫੈਸਲੇ ਨਾਲ ਪਾਰਟੀ ਅੰਦਰ ਸਿਰਫ ਪ੍ਰਭਾਵਸ਼ਾਲੀ ਅਤੇ ਮਿਹਨਤੀ ਚਿਹਰਿਆਂ ਨੂੰ ਹੀ ਅੱਗੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਇਸ ਬੈਠਕ ਨੂੰ ਬਹੁਤ ਸਾਰਥਕ ਦੱਸਿਆ। ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਤੋਂ ਕਾਂਗਰਸ ਦੇ ਪ੍ਰੋਗਰਾਮ ਜ਼ਮੀਨੀ ਪੱਧਰ 'ਤੇ ਦਿਖਾਈ ਦੇਣੇ ਸ਼ੁਰੂ ਹੋ ਜਾਣਗੇ, ਜਿਸ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਭਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।