- Updated: June 08, 2026 01:08 PM
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਇਸ ਵਿਚਾਲੇ ਹੁਣ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਵੱਡਾ ਅਹੁਦਾ ਮਿਲਣ ਦੀਆਂ ਵੀ ਚਰਚਾਵਾਂ ਹਨ।
ਦਰਅਸਲ, ਮਨਪ੍ਰੀਤ ਇਆਲੀ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। 2 ਦਸੰਬਰ ਦੇ ਹੁਕਮਨਾਮੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਆਲੀ ਨੂੰ ਨਵੀਂ ਭਰਤੀ ਕਮੇਟੀ ਦਾ ਮੈਂਬਰ ਲਾਇਆ ਗਿਆ ਸੀ। ਇਸ ਭਰਤੀ ਮਗਰੋਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਗਠਨ ਕੀਤਾ ਸੀ, ਪਰ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਤਕਰੀਬਨ 2 ਹਫ਼ਤੇ ਪਹਿਲਾਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਇਆਲੀ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਮਗਰੋਂ ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ।
ਹੁਣ ਮੀਡੀਆ ਰਿਪੋਰਟਾਂ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਨਪ੍ਰੀਤ ਇਆਲੀ ਕੱਲ੍ਹ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ ਮਨਪ੍ਰੀਤ ਇਆਲੀ ਨੂੰ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਮਿਲਣ ਦੀਆਂ ਵੀ ਚਰਚਾਵਾਂ ਹਨ, ਕਿਉਂਕਿ MP ਅੰਮ੍ਰਿਤਪਾਲ ਸਿੰਘ ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿਚ ਹਨ ਤੇ ਉਨ੍ਹਾਂ ਦੀ ਗੈਰ-ਮੌਜੂਦਗੀ ਵਿਚ ਪਾਰਟੀ ਇਆਲੀ ਨੂੰ ਕੋਈ ਮਹੱਤਵਪੂਰਨ ਅਹੁਦਾ ਦੇ ਸਕਦੀ ਹੈ, ਤਾਂ ਜੋ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਸਕਣ।