- Updated: May 26, 2026 06:20 PM
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਕਥਿਤ ਆਡੀਓ ਕਲਿੱਪ, ਜਿਸ ਵਿੱਚ ਅਨੁਸੂਚਿਤ ਜਾਤੀ ਸਮਾਜ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ, ਦਾ ਰਾਜ ਅਨੁਸੂਚਿਤ ਜਾਤੀ (SC) ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ (SSP) ਅਭਿਮਨਿਊ ਰਾਣਾ ਨੂੰ 29 ਮਈ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਕੀ ਹੈ ਪੂਰਾ ਮਾਮਲਾ?
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਆਡੀਓ ਕਲਿੱਪ ਵਿੱਚ ਕਥਿਤ ਤੌਰ 'ਤੇ ਇਕ ਭਾਈਚਾਰੇ ਵਿਰੁੱਧ ਰਾਜਾ ਵੜਿੰਗ ਵੱਲੋਂ ਟਿੱਪਣੀ ਕਰਨ ਦਾ ਦੋਸ਼ ਲੱਗ ਰਿਹਾ ਹੈ। ਕਮਿਸ਼ਨ ਨੇ ਸਮਾਜਿਕ ਸੁਰੱਖਿਆ ਅਤੇ ਸਮਾਜਿਕ ਨਿਆਂ ਮੰਤਰੀ ਬਲਜੀਤ ਕੌਰ ਵੱਲੋਂ ਭੇਜੇ ਗਏ ਸੰਦੇਸ਼ ਦੇ ਅਧਾਰ 'ਤੇ ਇਸ ਮਾਮਲੇ ਦਾ ਸੁਓ-ਮੋਟੋ (ਖੁਦ) ਨੋਟਿਸ ਲਿਆ ਹੈ। ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਨੇ ਵੀ ਇਸ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਫੋਰੈਂਸਿਕ ਜਾਂਚ ਦੇ ਹੁਕਮ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਐਕਟ-2004 ਦੀ ਧਾਰਾ 10 ਤਹਿਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਪੁਲਸ ਨੂੰ ਆਡੀਓ ਸੈਂਪਲ ਦੀ ਫੋਰੈਂਸਿਕ ਜਾਂਚ ਕਰਵਾਉਣ ਅਤੇ ਸਾਰੇ ਤੱਥਾਂ ਸਮੇਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਨੋਟਿਸ ਅਨੁਸਾਰ, ਐੱਸਪੀ (ਹੈੱਡਕੁਆਰਟਰ) ਨੂੰ 29 ਮਈ ਸਵੇਰੇ 9 ਵਜੇ ਕਮਿਸ਼ਨ ਦੇ ਦਫ਼ਤਰ ਵਿੱਚ ਹਾਜ਼ਰ ਹੋ ਕੇ ਜਾਂਚ ਦੀ ਸਥਿਤੀ ਸਪੱਸ਼ਟ ਕਰਨੀ ਹੋਵੇਗੀ। ਕਮਿਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਉਹ ਸਿਵਲ ਅਦਾਲਤ ਵਰਗੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ।
ਇਹ ਸਿਆਸੀ ਬਦਲਾਖੋਰੀ : ਰਾਜਾ ਵੜਿੰਗ
ਦੂਜੇ ਪਾਸੇ, ਰਾਜਾ ਵੜਿੰਗ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਸ ਨੂੰ "ਨਕਲੀ ਪ੍ਰੋਪੇਗੰਡਾ" ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (AAP) ਸਿਆਸੀ ਬਦਲਾਖੋਰੀ ਲਈ ਸਰਕਾਰੀ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਇਹ ਆਡੀਓ ਲਗਭਗ 7 ਸਾਲ ਪੁਰਾਣੀ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਆਵਾਜ਼ ਨਹੀਂ ਹੈ। ਉਨ੍ਹਾਂ ਕਿਹਾ, "ਇੱਕ ਬੱਚਾ ਵੀ ਦੱਸ ਸਕਦਾ ਹੈ ਕਿ ਇਹ ਮੇਰੀ ਆਵਾਜ਼ ਨਹੀਂ ਹੈ। ਇਹ ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ"। ਵੜਿੰਗ ਨੇ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਕਹੀ ਹੈ। ਫਿਲਹਾਲ ਪੁਲਸ ਅਤੇ ਜਾਂਚ ਏਜੰਸੀਆਂ ਆਡੀਓ ਦੀ ਸੱਚਾਈ ਅਤੇ ਆਵਾਜ਼ ਦੇ ਮਿਲਾਨ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।