IIT ਰੋਪੜ ਨਾਲ ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖ਼ਲਾਈ ਦੇਣ ਲਈ ਸਮਝੌਤਾ ਸਹੀਬੱਧ

IIT ਰੋਪੜ ਨਾਲ ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖ਼ਲਾਈ ਦੇਣ ਲਈ ਸਮਝੌਤਾ ਸਹੀਬੱਧ

ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿਚ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਭਵਿੱਖੀ ਅਤੇ ਉੱਭਰ ਰਹੀਆਂ ਡਰੋਨ ਤਕਨੀਕਾਂ ਦੀ ਸਿਖ਼ਲਾਈ ਪ੍ਰਦਾਨ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ ਹੈ।

ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਮਬੀਰ ਮਾਨ ਅਤੇ ਆਈ.ਆਈ.ਟੀ., ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਇਸ ਸਮਝੌਤੇ ਉੱਤੇ ਦਸਤਖ਼ਤ ਕੀਤੇ। ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ।

              Image

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸਮਝੌਤਾ ਤੇਜ਼ੀ ਨਾਲ ਵਿਕਸਤ ਹੋ ਰਹੇ ਡਰੋਨ ਈਕੋਸਿਸਟਮ ਵਿਚ ਸਥਾਨਕ ਡਰੋਨ ਪਾਇਲਟਾਂ ਦੀ ਵੱਧ ਰਹੀ ਮੰਗ ਦੀ ਪੂਰਤੀ ਕਰਨ ਦੇ ਨਾਲ-ਨਾਲ ਖੇਤੀਬਾੜੀ, ਮੈਪਿੰਗ, ਆਫ਼ਤ ਪ੍ਰਬੰਧਨ, ਜੰਗਲੀ ਜੀਵ ਰੱਖਿਆ ਅਤੇ ਸਿਹਤ ਸੰਭਾਲ ਵਰਗੇ ਵੱਖ-ਵੱਖ ਖੇਤਰਾਂ ਲਈ ਡਰੋਨ-ਆਧਾਰਿਤ ਸਿਖ਼ਲਾਈ, ਖੋਜ, ਵਿਕਾਸ ਅਤੇ ਨਿਰਮਾਣ ਨੂੰ ਮਜ਼ਬੂਤ ਕਰੇਗਾ।

ਇਸ ਮੌਕੇ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਿਖ਼ਲਾਈ ਪ੍ਰੋਗਰਾਮ ਨਾਲ ਸੂਬੇ ਦੇ ਨੌਜਵਾਨਾਂ ਲਈ 29,000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਸੀ-ਪਾਈਟ ਅਤੇ ਆਈ.ਆਈ.ਟੀ. ਰੋਪੜ ਰਾਹੀਂ 150 ਦੇ ਕਰੀਬ ਨੌਜਵਾਨਾਂ ਨੂੰ ਡਰੋਨ ਪਾਇਲਟ ਵਜੋਂ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਨੌਜਵਾਨਾਂ ਨੂੰ ਡੀ.ਜੀ.ਸੀ.ਏ. ਸਰਟੀਫਿਕੇਟ ਦਿੱਤੇ ਜਾਣਗੇ, ਜੋ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਆਈ.ਟੀ. ਰੋਪੜ ਵੱਲੋਂ ਸੀ-ਪਾਈਟ ਨੂੰ ਉਸ ਦੇ ਇੱਕ ਕੈਂਪ ’ਚ ਇੱਕ ਡਰੋਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਵਿਚ ਵੀ ਸਹਾਇਤਾ ਕੀਤੀ ਜਾਵੇਗੀ, ਜਿੱਥੇ ਡਰੋਨ ਅਪਰੇਟਰਾਂ ਦੀ ਸਿਖ਼ਲਾਈ ਤੋਂ ਇਲਾਵਾ ਡਰੋਨ ਦੀ ਮੁਰੰਮਤ ਅਤੇ ਅਸੈਂਬਲਿੰਗ ਵੀ ਕੀਤੀ ਜਾਵੇਗੀ।

ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਫ਼ਲਤਾਪੂਰਵਕ ਸਿਖ਼ਲਾਈ ਮੁਕੰਮਲ ਕਰਨ ਵਾਲੇ ਨੌਜਵਾਨਾਂ ਨੂੰ ਉਚਿਤ ਰੋਜ਼ਗਾਰ ਲੱਭਣ ਵਿਚ ਵੀ ਸਹਿਯੋਗ ਦਿੱਤਾ ਜਾਵੇਗਾ। ਇਹ ਕਦਮ ਸਾਡੇ ਨੌਜਵਾਨਾਂ ਨੂੰ ਆਧੁਨਿਕ ਹੁਨਰ ਸਿਖਾ ਕੇ ਅਤੇ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਵਿਚ ਅਹਿਮ ਭੂਮਿਕਾ ਨਿਭਾਏਗਾ।