ਸਪੀਕਰ ਸੰਧਵਾਂ ਦਾ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਲੈ ਕੇ ਐਲਾਨ, ਆਖੀ ਇਹ ਗੱਲ

ਸਪੀਕਰ ਸੰਧਵਾਂ ਦਾ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਲੈ ਕੇ ਐਲਾਨ, ਆਖੀ ਇਹ ਗੱਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਵਾਤਾਵਰਣ-ਪੱਖੀ ਪਹਿਲ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ ਛੇਤੀ ਹੀ ਕਾਗਜ਼-ਮੁਕਤ ਹੋਵੇਗਾ। ਵਿਧਾਨ ਸਭਾ ਦੇ ਇਜਲਾਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਜਟ ਸੈਸ਼ਨ ਦੌਰਾਨ ਕੀਤੇ ਗਏ ਐਲਾਨ ਮੁਤਾਬਕ ਵਾਤਾਵਰਣ-ਪੱਖੀ ਪਹਿਲ ਤਹਿਤ ਸਰਕਾਰ ਵਲੋਂ ਸਾਰੇ ਵਿਧਾਇਕਾਂ ਦੇ ਮੇਜ਼ਾਂ ’ਤੇ ਟੈਬਲੇਟ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਸਦਨ ਦੀ ਕਾਰਵਾਈ ਆਨਲਾਈਨ ਹੋ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨੀ ਸੁਧਾਰ ਵਿਭਾਗ ਵਲੋਂ ਟੈਬਲੇਟ ਖ਼ਰੀਦਣ ਸਬੰਧੀ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਅਗਲੇ ਸੈਸ਼ਨ ਤੋਂ ਸਦਨ ਦੀ ਸਾਰੀ ਕਾਰਵਾਈ ਇਲੈਕਟ੍ਰੋਨਿਕ ਸਾਧਨਾਂ ਦੇ ਜ਼ਰੀਏ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਸਦਨ ਸਬੰਧੀ ਸਾਰੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਦੇ ਜ਼ਰੀਏ ਹੋਵੇਗਾ ਅਤੇ ਸਦਨ ਦੇ ਟੇਬਲ ’ਤੇ ਰੱਖੇ ਜਾਣ ਕਾਗਜ਼-ਪੱਤਰ ਵੀ ਇਲੈਕਟ੍ਰਾਨਿਕ ਢੰਗ ਨਾਲ ਹੀ ਰੱਖੇ ਜਾਣਗੇ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪ੍ਰਣਾਲੀ ਲਾਗੂ ਹੋਣ ਨਾਲ ਜਿੱਥੇ ਕਾਗਜ਼ ਦੀ ਬੱਚਤ ਹੋਵੇਗੀ, ਉੱਥੇ ਹੀ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਸਰਕਾਰ ਦੇ ਯਤਨਾਂ ਵਿਚ ਵੀ ਮੱਦਦ ਮਿਲੇਗੀ।

ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਦਨ ਦੇ ਕੰਮ ਵਿਚ ਅਤੇ ਪਾਰਦਰਸ਼ਤਾ ਆਵੇਗੀ। ਉਨ੍ਹਾਂ ਨੇ ਦੱਸਿਆ ਕਿ ਵਿਧਾਨ ਸਭਾ ਸਕੱਤਰੇਤ ਵਲੋਂ ਐੱਨ. ਆਈ. ਸੀ. ਪੰਜਾਬ ਅਤੇ ਪ੍ਰਸ਼ਾਸਨੀ ਸੁਧਾਰ ਵਿਭਾਗ ਦੇ ਸਹਿਯੋਗ ਨਾਲ 26 ਜੂਨ, 2023 ਨੂੰ ਰਾਜ ਦੇ ਸਾਰੇ ਵਿਭਾਗਾਂ ਦੇ ਨੋਡਲ ਆਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਟ੍ਰੇਨਿੰਗ ਰੱਖੀ ਗਈ ਹੈ, ਜਿਸ ਵਿਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਵਿਧਾਨ ਸਭਾ ਸਕੱਤਰੇਤ ਵਲੋਂ ਭੇਜੇ ਗਏ ਨੋਟਿਸਾਂ ਦੇ ਜਵਾਬ ਕਿਸ ਤਰ੍ਹਾਂ ਦਿੱਤੇ ਜਾਣੇ ਹਨ। ਸਪੀਕਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਤਹਿਤ ਜੁਲਾਈ ਮਹੀਨੇ ਵਿਚ ਸਾਰੇ ਵਿਧਾਇਕਾਂ ਲਈ ਦੋ ਦਿਨਾਂ ਦੀ ਵਰਕਸ਼ਾਪ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਸਾਰੇ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ।