- Updated: February 07, 2026 11:34 PM
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿੱਚ ਲਾਅ ਐਂਡ ਆਡਰ ਬਹੁਤ ਹੀ ਬੁਰੀ ਤਰ੍ਹਾਂ ਵਿਗੜ ਚੁੱਕਾ ਹੈ। ਆਏ ਦਿਨ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਕਤਲਾਂ ਤੋਂ ਹਰ ਵਰਗ ਡਾਢਾ ਪਰੇਸ਼ਾਨ ਹੋਇਆ ਪਿਆ ਹੈ। ਬੀਤੇ ਦਿਨੀਂ ਜਲੰਧਰ 'ਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦਾ ਬੇਰਹਿਮੀ ਨਾਲ ਕੀਤੇ ਕਤਲ ਤੇ ਉਸ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਸੰਬੰਧੀ ਪੰਜਾਬ ਕਾਂਗਰਸ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਪੰਜਾਬ ਕਾਂਗਰਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਮ੍ਰਿਤਕ ਲੱਕੀ ਓਬਰਾਏ ਦੇ ਪਰਿਵਾਰਕ ਮੈਂਬਰਾਂ ਵੱਲੋਂ ‘ਆਪ’ ਆਗੂ ਦੀਪਕ ਬਾਲੀ ਉੱਤੇ ਗੁੱਸਾ ਦਰਸਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕੀਤਾ ਗਿਆ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਲੋਕਾਂ ਦਾ ਭਰੋਸਾ ਪੰਜਾਬ ਦੀ ‘ਆਪ’ ਸਰਕਾਰ ਤੋਂ ਪੂਰੀ ਤਰ੍ਹਾਂ ਉਠ ਚੁੱਕਾ ਹੈ। ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ ਅਤੇ ਲੋਕਾਂ ਦਾ ਗੁੱਸਾ ਬਰਦਾਸ਼ਤ ਤੋਂ ਬਾਹਰ ਹੋ ਗਿਆ ਹੈ।