- Updated: June 22, 2026 06:47 PM
ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਬਿਲਕੁਲ ਸਾਹਮਣੇ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਰਦੀਪ ਸਿੰਘ ਗਿਆਨੀ ਵਾਸੀ ਜਗਦੰਬਾ ਕਾਲੋਨੀ, ਮਜੀਠਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਫਿਲਹਾਲ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕੇਸ ਦਰਜ ਕਰਕੇ ਕਤਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਸਵੇਰੇ ਤੜਕਸਾਰ 4 ਵਜੇ ਦੇ ਲੱਗਭਗ ਕੁਝ ਲੋਕਾਂ ਵਿਚਾਲੇ ਝਗੜਾ ਹੋ ਰਿਹਾ ਸੀ। ਦੇਖਦੇ ਹੀ ਦੇਖਦੇ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਉਣ ਲਈ ਲਿਜਾਇਆ ਜਾ ਰਹੀ ਸੀ ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ।
ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਅਤੇ ਮ੍ਰਿਤਕ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਦੌਰਾਨ ਨੌਜਵਾਨ ਦਾ ਕਤਲ ਕੀਤਾ ਗਿਆ। ਫਿਲਹਾਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ’ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।