- Updated: August 26, 2026 06:29 PM
ਅੱਜ ਕਾਂਗਰਸ ਪਾਰਟੀ ਵੱਲੋਂ ਖੰਡ ਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਸ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਡਿਟੇਨ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਪੁਲਸ ਵੱਲੋਂ ਹਿਰਾਸਤ ਵਿਚ ਲਏ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਖੰਡ ਦੀਆਂ ਵਧਦੀਆਂ ਕੀਮਤਾਂ ਨੇ ਗਰੀਬ ਲੋਕਾਂ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਖੰਡ ਦੀਆਂ ਵਧਦੀਆਂ ਕੀਮਤਾਂ ਤੋਂ ਅੱਕ ਕੇ ਜਦੋਂ ਗੁੜ ਖਰੀਦਣ ਬਾਰੇ ਸੋਚਦਾ ਹੈ ਤਾਂ ਪਤਾ ਲੱਗਦਾ ਹੈ ਕਿ ਗੁੜ ਦੀਆਂ ਕੀਮਤਾਂ ਵਿਚ ਵੀ ਬਹੁਤ ਵਾਧਾ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅਚਾਨਕ ਖੰਡ ਦੀ ਕੀਮਤ 20 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੱਧ ਚੁੱਕੀ ਹੈ। ਜੇਕਰ ਇਹੋ ਹਾਲ ਰਿਹਾ ਤਾਂ 2029 ਤਕ 100 ਰੁਪਏ ਦੀ ਅੱਧਾ ਕਿੱਲੋ ਖੰਡ ਮਿਲਿਆ ਕਰੇਗੀ।
ਪ੍ਰਦਰਸ਼ਨ ਦੌਰਾਨ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਮੌਕੇ 'ਤੇ ਵੱਡੀ ਗਿਣਤੀ ਵਿਚ ਸੁਰੱਖਿਆ ਫ਼ੋਰਸ ਵੀ ਤਾਇਨਾਤ ਕੀਤੀ ਗਈ ਸੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ ਤੇ ਫ਼ਿਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਪੁਲਸ ਨੇ ਡਿਟੇਨ ਕਰ ਲਿਆ ਗਿਆ।