- Updated: February 06, 2026 06:00 PM
ਕੇਂਦਰ ਸਰਕਾਰ ਨੇ ਰਾਜ ਸਭਾ 'ਚ ਇਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਸਾਲ 2025 ਦੌਰਾਨ ਅਮਰੀਕਾ ਤੋਂ 3,800 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਵਤਨ ਵਾਪਸ ਭੇਜਿਆ ਗਿਆ ਹੈ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਇਕ ਲਿਖਤੀ ਜਵਾਬ 'ਚ ਦੱਸਿਆ ਕਿ ਇਨ੍ਹਾਂ 'ਚੋਂ 3,414 ਭਾਰਤੀ ਉਹ ਹਨ ਜਿਨ੍ਹਾਂ ਨੂੰ ਦਸੰਬਰ ਦੇ ਅੱਧ ਤੱਕ ਵਾਸ਼ਿੰਗਟਨ ਤੋਂ ਭਾਰਤ ਭੇਜਿਆ ਗਿਆ ਸੀ। ਕਾਂਗਰਸ ਦੇ ਰਾਜ ਸਭਾ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਨੇ ਪਿਛਲੇ ਪੰਜ ਸਾਲਾਂ 'ਚ ਵਾਪਸ ਭੇਜੇ ਗਏ ਭਾਰਤੀਆਂ ਦੀ ਗਿਣਤੀ ਅਤੇ 'ਡੰਕੀ ਰੂਟ' (ਕਿਸੇ ਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣਾ) ਰਾਹੀਂ ਹੋਣ ਵਾਲੇ ਗੈਰ-ਕਾਨੂੰਨੀ ਪਰਵਾਸ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਸਵਾਲ ਪੁੱਛਿਆ ਸੀ। ਉਨ੍ਹਾਂ ਨੇ ਨਾਬਾਲਗਾਂ ਅਤੇ ਨੌਜਵਾਨਾਂ ਦੀ ਸੁਰੱਖਿਆ ਲਈ ਟ੍ਰੈਵਲ ਏਜੰਸੀਆਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਬਾਰੇ ਵੀ ਜਾਣਕਾਰੀ ਮੰਗੀ ਸੀ।
ਮੰਤਰੀ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਅਮਰੀਕੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ 'ਚ ਹੈ ਤਾਂ ਜੋ ਵਾਪਸ ਭੇਜੇ ਜਾਣ ਵਾਲੇ ਭਾਰਤੀਆਂ, ਖਾਸ ਕਰਕੇ ਔਰਤਾਂ ਅਤੇ ਬੱਚਿਆਂ ਨਾਲ ਮਨੁੱਖੀ ਅਤੇ ਸੁਰੱਖਿਅਤ ਵਿਵਹਾਰ ਯਕੀਨੀ ਬਣਾਇਆ ਜਾ ਸਕੇ। ਸਰਕਾਰ ਅਮਰੀਕਾ ਅਤੇ ਹੋਰ ਵਿਦੇਸ਼ੀ ਸਰਕਾਰਾਂ ਨਾਲ ਮਿਲ ਕੇ ਅਜਿਹੇ ਸਾਰੇ ਮਾਮਲਿਆਂ 'ਚ ਸਰਗਰਮੀ ਨਾਲ ਕੰਮ ਕਰ ਰਹੀ ਹੈ। ਵਾਪਸ ਭੇਜੇ ਗਏ ਭਾਰਤੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਈ ਗੈਰ-ਕਾਨੂੰਨੀ ਭਰਤੀ ਏਜੰਟਾਂ, ਉਨ੍ਹਾਂ ਦੇ ਮਦਦਗਾਰਾਂ ਅਤੇ ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਮਾਮਲਿਆਂ 'ਚ ਜਾਂਚ ਅਤੇ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।