- Updated: March 03, 2026 06:53 PM
ਭਾਰਤ-ਪਾਕਿਸਤਾਨ ਸਰਹੱਦ ਨੇੜੇ ਜ਼ਿਲ੍ਹਾ ਗੁਰਦਾਸਪੁਰ ਦੇ ਆਦੀਆਂ ਪੋਸਟ ’ਤੇ ਦੋ ਪੁਲਸ ਕਰਮਚਾਰੀਆਂ ਦੇ ਕਤਲ ਦੀ ਘਟਨਾ ਤੋਂ ਬਾਅਦ ਕਥਿਤ ਪੁਲਸ ਮੁਕਾਬਲੇ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦਾ ਪੋਸਟਮਾਰਟਮ ਹੋ ਗਿਆ ਹੈ। ਗੁਰਦਾਸਪੁਰ ਅਦਾਲਤ ਵੱਲੋਂ ਜਾਰੀ ਵਿਸ਼ੇਸ਼ ਹੁਕਮਾਂ ਦੇ ਤਹਿਤ ਚੀਫ ਜੁਡੀਸ਼ੀਅਲ ਮਜਿਸਟਰੇਟ ਦੀ ਮੌਜੂਦਗੀ ਵਿੱਚ ਡਾਕਟਰਾਂ ਦੇ ਸਪੈਸ਼ਲ ਬੋਰਡ ਵੱਲੋਂ ਰਣਜੀਤ ਸਿੰਘ ਦਾ ਪੋਸਟਮਾਰਟਮ ਸ਼ੁਰੂ ਕੀਤਾ ਗਿਆ ਜਿਸ ਦੀ ਪੂਰੀ ਵੀਡੀਓਗ੍ਰਾਫੀ ਵੀ ਕਰਵਾਈ ਗਈ ਹੈ। ਮਾਮਲੇ ਸਬੰਧੀ ਬਕਾਇਦਾ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਪੁਲਸ ਨੇ ਰਣਜੀਤ ਸਿੰਘ ਨੂੰ ਮੁਕਾਬਲੇ ਤੋਂ ਇੱਕ ਦਿਨ ਪਹਿਲਾਂ, 24 ਫਰਵਰੀ 2026 ਨੂੰ ਸ਼ਾਮ ਕਰੀਬ 4 ਵਜੇ ਉਸਦੇ ਘਰੋਂ ਚੁੱਕਿਆ ਸੀ ਅਤੇ ਪੁਲਸ ਦੀ ਇਹ ਕਹਾਣੀ ਕਿ ਗੱਡੀ ਪਲਟਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ, ਹਕੀਕਤ ਤੋਂ ਪਰੇ ਹੈ। ਇਸ ਕਾਰਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਪੰਜਾਬ ਭਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਸਨ। ਉਨ੍ਹਾਂ ਦੀ ਮੰਗ ਸੀ ਕਿ ਪੋਸਟਮਾਰਟਮ ਏਮਸ ਜਾਂ ਚੰਡੀਗੜ੍ਹ ਤੋਂ ਕਰਵਾਇਆ ਜਾਵੇ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਅਦਾਲਤ ਨੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਜਾਂਚ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਹੁਕਮ ਜਾਰੀ ਕੀਤੇ ਸਨ। ਜਿਸ ਤਹਿਤ ਸੰਬੰਧਿਤ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਮ੍ਰਿਤਕ ਰਣਜੀਤ ਸਿੰਘ ਦੇ ਮੋਬਾਈਲ ਫੋਨਾਂ ਦੀ ਕਾਲ ਡਿਟੇਲ ਰਿਕਾਰਡ ਅਤੇ ਜੀਪੀਸੀ ਲੋਕੇਸ਼ਨ 20 ਫਰਵਰੀ ਤੋਂ 28 ਫਰਵਰੀ 2026 ਤੱਕ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਦਾ ਹਿੱਸਾ ਬਣਾਉਣ ਲਈ ਕਿਹਾ ਗਿਆ ਹੈ
ਇਸੇ ਤਰ੍ਹਾਂ ਮੁਕਾਬਲੇ ਦੌਰਾਨ ਜ਼ਖਮੀ ਦੱਸੇ ਜਾ ਰਹੇ ਸੀਆਈਏ ਇੰਚਾਰਜ ਗੁਰਮੀਤ ਸਿੰਘ ਦੀ ਮੈਡੀਕਲ ਜਾਂਚ ਲਈ ਡਾਕਟਰਾਂ ਦਾ ਵਿਸ਼ੇਸ਼ ਬੋਰਡ ਬਣਾਉਣ ਦੇ ਹੁਕਮ ਦਿੱਤੇ ਗਏ ਸਨ। ਬੋਰਡ ਇਹ ਵੀ ਸਪਸ਼ਟ ਕਰੇਗਾ ਕਿ ਗੋਲੀ ਦਾ ਜ਼ਖਮ ਆਪਣੇ ਆਪ ਲਗਾਇਆ ਗਿਆ ਹੈ ਜਾਂ ਨਹੀਂ। ਜਾਣਕਾਰੀ ਮੁਤਾਬਕ ਪੋਸਟਮਾਰਟਮ ਲਈ ਡਾਕਟਰਾਂ ਨੂੰ ਅੰਮ੍ਰਿਤਸਰ ਤੋਂ ਬੁਲਾਇਆ ਗਿਆ ਸੀ। ਅਦਾਲਤੀ ਹੁਕਮਾਂ ਤੋਂ ਬਾਅਦ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਪੋਸਟਮਾਰਟਮ ਲਈ ਸਹਿਮਤੀ ਦਿੱਤੀ ਗਈ ਸੀ। ਕਾਰਵਾਈ ਤੋਂ ਪਹਿਲਾਂ ਪਰਿਵਾਰ ਵੱਲੋਂ ਰਣਜੀਤ ਸਿੰਘ ਦੀ ਸ਼ਨਾਖਤ ਕੀਤੀ ਗਈ ਅਤੇ ਉਸ ਤੋਂ ਬਾਅਦ ਨਿਯਮਾਂ ਅਨੁਸਾਰ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਹੋਈ। ਇਸ ਦੌਰਾਨ ਪੁਲਿਸ ਫੋਰਸ ਵੀ ਤੈਨਾਤ ਰਹੀ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਰਹੇ। ਇਸ ਸਮੁੱਚੇ ਘਟਨਾਕ੍ਰਮ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਜਾਰੀ ਹੈ ਅਤੇ ਹੁਣ ਸਾਰੇ ਪੱਖਾਂ ਦੀ ਨਜ਼ਰ ਅਦਾਲਤੀ ਜਾਂਚ ਅਤੇ ਮੈਡੀਕਲ ਰਿਪੋਰਟ ’ਤੇ ਟਿਕੀ ਹੋਈ ਹੈ, ਜੋ ਇਸ ਸੰਵੇਦਨਸ਼ੀਲ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਵਿੱਚ ਅਹਿਮ ਸਾਬਤ ਹੋ ਸਕਦੀ ਹੈ।