ਕਾਂਗਰਸੀ ਸਾਂਸਦ ਬਿੱਟੂ ਖਿਲਾਫ਼ ਲੁਧਿਆਣਾ ''ਚ FIR, ਭਾਰਤ ਭੂਸ਼ਣ ਆਸ਼ੂ ਦਾ ਨਾਂਅ ਵੀ ਸ਼ਾਮਲ

 ਕਾਂਗਰਸੀ ਸਾਂਸਦ ਬਿੱਟੂ ਖਿਲਾਫ਼ ਲੁਧਿਆਣਾ ''ਚ FIR, ਭਾਰਤ ਭੂਸ਼ਣ ਆਸ਼ੂ ਦਾ ਨਾਂਅ ਵੀ ਸ਼ਾਮਲ

ਪੰਜਾਬ ਦੇ ਲੁਧਿਆਣਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿਚ ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਲੁਧਿਆਣਾ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਵਿਚ ਚੁੱਪ ਵੱਟ ਰਹੇ ਹਨ। 

ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ (ਡੋਮੋਰੀਆ ਪੁਲ) ਲੁਧਿਆਣਾ ਨੇ ਦੱਸਿਆ ਕਿ ਮੈਂ ਨਗਰ ਨਿਗਮ ਜ਼ੋਨ-ਈ ਵਿਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ 'ਤੇ ਤਾਇਨਾਤ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ। ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਨਗਰ ਨਿਗਮ ਜ਼ੋਨ ਏ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਵੱਲੋਂ ਆਪਣੇ ਵਰਕਰਾਂ ਸਮੇਤ ਤਾਲਾ ਲਾਇਆ ਗਿਆ।

ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਧਰ, ਐਸਐਚਓ ਗਗਨਦੀਪ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਯਾਨੀ ਬੁੱਧਵਾਰ ਨੂੰ ਲੁਧਿਆਣਾ ਨਗਰ ਨਿਗਮ ਦੇ ਮੁਲਾਜ਼ਮਾਂ ਅਤੇ ਕਾਂਗਰਸੀਆਂ ਵਿਚਾਲੇ ਝਗੜਾ ਹੋ ਗਿਆ ਸੀ। ਦੋਸ਼ ਹੈ ਕਿ ਪੁਲਿਸ ਵੱਲੋਂ ਉਕਤ ਕਾਂਗਰਸੀ ਆਗੂਆਂ ਨਾਲ ਵੀ ਮਾੜਾ ਵਿਵਹਾਰ ਕੀਤਾ ਗਿਆ। ਪੁਲਿਸ ਨੇ ਇਸ ਦਾ ਨੋਟਿਸ ਲੈਂਦਿਆਂ ਸਾਰਿਆਂ ਨੂੰ ਮਾਮਲੇ 'ਚ ਨਾਮਜ਼ਦ ਕਰ ਲਿਆ। ਪੁਲਿਸ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਮੌਕੇ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰ ਰਹੀ ਹੈ।  

ਇਸ ਦੇ ਨਾਲ ਹੀ ਦੱਸ ਦਈਏ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਰਵਨੀਤ ਬਿੱਟੂ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ''ਸਾਡੇ ਕਿਸਾਨਾਂ ਨੂੰ ਗੋਲੀਆਂ ਮਾਰਨ ਵਾਲੀ ਹਰਿਆਣਾ ਪੁਲਿਸ 'ਤੇ ਕਾਰਵਾਈ ਕਰਨ ਵੇਲੇ ਪੰਜਾਬ ਸਰਕਾਰ ਦੇ ਹੱਥ ਕੰਭਦੇ ਨੇ ਪਰ ਜਦੋਂ ਲੋਕਾਂ ਦੇ ਹੱਕਾਂ ਲਈ ਅਸੀਂ ਧਰਨਾ ਲਗਾਉਂਦੇ ਹਾਂ ਤਾਂ ਸਾਡੀ ਆਵਾਜ਼ ਨੂੰ ਦਬਾਉਣ ਲਈ FIR ਅਗਲੇ ਦਿਨ ਹੀ ਦਰਜ ਹੋ ਜਾਂਦੀ ਹੈ।''