ਪੰਜਾਬ ਨੂੰ ਕੇਂਦਰ ਸਰਕਾਰ ਦਾ ਇਕ ਹੋਰ ਝਟਕਾ! ਪੰਜਾਬ ਦੀ ਲੋਨ ਲਿਮਿਟ ‘ਚ 18000 ਕਰੋੜ ਦੀ ਕੀਤੀ ਕਟੌਤੀ

ਪੰਜਾਬ ਨੂੰ ਕੇਂਦਰ ਸਰਕਾਰ ਦਾ ਇਕ ਹੋਰ ਝਟਕਾ! ਪੰਜਾਬ ਦੀ ਲੋਨ ਲਿਮਿਟ ‘ਚ 18000 ਕਰੋੜ ਦੀ ਕੀਤੀ ਕਟੌਤੀ

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦਨ ਦਾ ਤਿੰਨ ਫੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39000 ਕਰੋੜ ਰੁਪਏ ਬਣਦੀ ਹੈ। ਪਰ ਹੁਣ ਜਦੋਂ ਕਿ ਵਿੱਤ ਮੰਤਰਾਲੇ ਵੱਲੋਂ 18000 ਕਰੋੜ ਦੀ ਸਾਲਾਨਾ ਕਟੌਤੀ ਕਰ ਦਿੱਤੀ ਗਈ ਹੈ ਤਾਂ ਪੰਜਾਬ ਸਰਕਾਰ ਹੁਣ 21 ਹਜ਼ਾਰ ਕਰੋੜ ਦਾ ਹੀ ਕਰਜ਼ਾ ਚੁੱਕ ਸਕੇਗੀ। ਕਰਜ਼ਾ ਲੈਣ ਦੀ ਸੀਮਾ ਵਿਚ 18,000 ਕਰੋੜ ਰੁਪਏ ਦੀ ਵੱਡੀ ਕਟੌਤੀ ‘ਆਪ’ ਸਰਕਾਰ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।ਦੂਜੇ ਪਾਸੇ ਭਾਜਪਾ ਦੀ ਕੇਂਦਰ ਸਰਕਾਰ ਨੇ ਪੂੰਜੀ ਸੰਪਤੀਆਂ ਦੇ ਵਿਕਾਸ ਲਈ ਪੰਜਾਬ ਨੂੰ ਦਿੱਤੀ ਜਾਣ ਵਾਲੀ 2600 ਕਰੋੜ ਰੁਪਏ ਦੀ ਸਾਲਾਨਾ ਗਰਾਂਟ ਵੀ ਬੰਦ ਕਰ ਦਿੱਤੀ ਹੈ। ਪੰਜਾਬ ਸਰਕਾਰ ਇਸ ਫੰਡ ਦੀ ਵਰਤੋਂ ਇਨਫਰਾਸਟਰੱਕਚਰ ਦੇ ਵਿਕਾਸ ਲਈ ਕਰਦੀ ਹੈ।

ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਪੰਜਾਬ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਕੇਂਦਰ ਸਰਕਾਰ ਨੂੰ ਖ਼ਦਸ਼ਾ ਹੈ ਕਿ ਹੁਣ ਪੰਜਾਬ ਸਰਕਾਰ ਵਲੋਂ ਮਿਲਣ ਵਾਲਾ ਰਾਜ ਪੈਨਸ਼ਨ ਫੰਡ ਅਤੇ ਵਿਕਾਸ ਅਥਾਰਟੀ ਤਹਿਤ ਮਿਲਣ ਵਾਲਾ ਸਾਲਾ 3000 ਕਰੋੜ ਰੁਪਏ ਦਾ ਫੰਡ ਵੀ ਮਿਲਣਾ ਬੰਦ ਹੋ ਜਾਵੇਗਾ।

ਕੇਂਦਰ ਸਰਕਾਰ ਨੇ ਦੱਸੀ ਇਹ ਵਜ੍ਹਾ
ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ ਕਈ ਮੁੱਦਿਆਂ ਨੂੰ ਲੈ ਕੇ ਤਕਰਾਰ ਚਲ  ਰਹੀ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ‘ਪੂੰਜੀਗਤ ਖ਼ਰਚੇ’ ਦੇ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਕੌਮੀ ਸਿਹਤ ਮਿਸ਼ਨ ਦੇ ਕਰੀਬ 800 ਕਰੋੜ ਦੇ ਫ਼ੰਡ ਨੂੰ ਵੀ ਜਾਰੀ ਨਹੀਂ ਕਰ ਰਹੀ ਹੈ। ਕੇਂਦਰ ਸਰਕਾਰ ਨੇ ਇਤਰਾਜ਼  ਜ਼ਾਹਰ ਕੀਤਾ ਹੈ ਕਿ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਨਾਮ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ ਅਤੇ ਇਨ੍ਹਾਂ ਇਮਾਰਤਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਈ ਗਈ ਹੈ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਇਹ ਮਾਮਲਾ ਕੇਂਦਰ ਸਰਕਾਰ ਸਾਹਮਣੇ ਵੀ ਰੱਖ ਚੁੱਕੇ ਹਨ।

ਪੰਜਾਬ ਸਰਕਾਰ ਦਾ ਬਣਦਾ ਜੀਐੱਸਟੀ ਮੁਆਵਜ਼ਾ ਵੀ ਮਿਲਣਾ ਬੰਦ ਹੋ ਗਿਆ ਹੈ। 
ਦੂਜੇ ਪਾਸੇ ਪੰਜਾਬ ਦੇ ਵਿੱਤ ਵਿਭਾਗ ਦੇ ਅਧਿਕਾਰੀ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ ਦੀ ਪਾਲਣਾ ਕਰ ਰਿਹਾ ਹੈ ਜਿਸ ਕਰਕੇ ਕਰਜ਼ਾ ਸੀਮਾ ਵਿਚ ਕੋਈ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ ਹੈ।

ਕੇਰਲਾ ਅਤੇ ਹਿਮਾਚਲ ਨੂੰ ਵੀ ਲੱਗਾ ਹੈ ਕੇਂਦਰ ਸਰਕਾਰ ਦਾ ਝਟਕਾ
ਕੇਂਦਰ ਸਰਕਾਰ ਨੇ ਕੁੱਝ ਦਿਨ ਪਹਿਲਾਂ ਕੇਰਲਾ ਸਰਕਾਰ ਲਈ ਵੀ ਉਧਾਰ ਸੀਮਾ 32,442 ਕਰੋੜ ਤੋਂ ਘਟਾ ਕੇ 15,390 ਕਰੋੜ ਕਰ ਦਿੱਤੀ ਸੀ ਅਤੇ ਇਹ ਕਟੌਤੀ ਸਾਲਾਨਾ 17052 ਕਰੋੜ ਦੀ ਬਣਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਲਈ ਵੀ ਕਰਜ਼ਾ ਲੈਣ ਦੀ ਸੀਮਾ ਸਾਲਾਨਾ 5500 ਕਰੋੜ ਰੁਪਏ ਘਟਾ ਦਿੱਤੀ ਗਈ ਹੈ।