ਕੇਂਦਰ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਕਾਰਨ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ

ਕੇਂਦਰ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਕਾਰਨ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ

ਸਿੱਖ ਧਾਰਮਿਕ ਸੰਗਠਨਾਂ ਤੇ ਸੰਸਥਾਵਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਜਲਦ ਤੋਂ ਜਲਦ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਤੇ ਇਸ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ।

ਲੋਕ ਸਭਾ ਵਿਚ ਪੁੱਛੇ ਗਏ ਇਕ ਸਵਾਲ ਦਾ ਲਿਖਿਤ ਜਵਾ ਦਿੰਦੇ ਹੋਏ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਵਿਚਕਾਰ 2019 ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਦਰਸ਼ਨ ਦੀ ਸਹੂਲਤ ਲਈ ਇਕ ਸਮਝੌਤਾ ਹੋਇਆ ਸੀ। ਇਸ ਦਾ ਉਦੇਸ਼ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਪਵਿੱਤਰ ਗੁਰਦੁਆਰਾ ਦਰਬਾਰ ਸਾਹਿਬ ਕਾਰੀਡੋਰ ਦੀ ਯਾਤਰਾ ਨੂੰ ਆਸਾਨ ਬਣਾਉਣਾ ਸੀ।

ਪਰ 22 ਅਪ੍ਰੈਲ, 2025 ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ ਦੇ ਕਾਰਨ ਲਾਂਘੇ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਗਿਆ ਹੈ। ਕੇਂਦਰ ਨੇ ਕਿਹਾ ਕਿ ਵੱਖ-ਵੱਖ ਸਿੱਖ ਧਾਰਮਿਕ ਸੰਗਠਨਾਂ ਨੇ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਹੈ ਪਰ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ, ਇਸਨੂੰ ਇਸ ਸਮੇਂ ਬਹਾਲ ਨਹੀਂ ਕੀਤਾ ਜਾ ਸਕਦਾ।